ਬੰਗਲਾਦੇਸ਼ ’ਚ ਇਸ ਸਾਲ ਹਿੰਦੂਆਂ, ਹੋਰ ਘੱਟ ਗਿਣਤੀਆਂ ਖਿਲਾਫ ਹਿੰਸਾ ਦੇ 2200 ਮਾਮਲੇ ਸਾਹਮਣੇ ਆਏ
Friday, Dec 20, 2024 - 11:52 PM (IST)
ਨਵੀਂ ਦਿੱਲੀ, (ਭਾਸ਼ਾ)- ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੰਗਲਾਦੇਸ਼ ਵਿਚ ਇਸ ਸਾਲ 8 ਦਸੰਬਰ ਤੱਕ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੇ ਕੁੱਲ 2200 ਮਾਮਲੇ ਸਾਹਮਣੇ ਆਏ ਹਨ ਅਤੇ ਭਾਰਤ ਨੂੰ ਉਮੀਦ ਹੈ ਕਿ ਢਾਕਾ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਉਠਾਏਗਾ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਘੱਟ ਗਿਣਤੀ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।
ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਚ ਇਸ ਸਾਲ ਅਕਤੂਬਰ ਤੱਕ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੇ ਮਾਮਲਿਆਂ ਦੀ ਗਿਣਤੀ 112 ਸੀ। ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਧਾਰਮਿਕ ਅਸਹਿਣਸ਼ੀਲਤਾ, ਫਿਰਕੂ ਹਿੰਸਾ, ਪ੍ਰਣਾਲੀਗਤ ਜ਼ੁਲਮ ਅਤੇ ਘੱਟ ਗਿਣਤੀ ਭਾਈਚਾਰਿਆਂ ’ਤੇ ਹਮਲਿਆਂ ਨੂੰ ਰੋਕਣ ਲਈ ਕਦਮ ਚੁੱਕਣ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਉਚਿਤ ਕੌਮਾਂਤਰੀ ਮੰਚਾਂ ’ਤੇ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਦੁਰਦਸ਼ਾ ਨੂੰ ਉਜਾਗਰ ਕਰਦਾ ਰਹਿੰਦਾ ਹੈ।