Hormuz ''ਚ ਭਾਰਤੀ ਟੈਂਕਰ ''ਤੇ ਚੱਲੀਆਂ ਗੋਲੀਆਂ, ਈਰਾਨੀ ਰਾਜਦੂਤ ਤਲਬ
Saturday, Apr 18, 2026 - 06:41 PM (IST)
ਨਵੀਂ ਦਿੱਲੀ: Strait of Hormuz ਦੇ ਨੇੜੇ ਈਰਾਨੀ ਫੌਜਾਂ ਵੱਲੋਂ ਇੱਕ ਭਾਰਤੀ ਝੰਡੇ ਵਾਲੇ ਤੇਲ ਟੈਂਕਰ 'ਤੇ ਫਾਇਰਿੰਗ ਕਰਨ ਦੀ ਘਟਨਾ ਤੋਂ ਬਾਅਦ ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ ਪੈਦਾ ਹੋ ਗਿਆ ਹੈ। ਇਸ ਗੰਭੀਰ ਮਾਮਲੇ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਸ਼ਨੀਵਾਰ ਨੂੰ ਈਰਾਨੀ ਰਾਜਦੂਤ ਨੂੰ ਤਲਬ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤੀ ਤੇਲ ਟੈਂਕਰ 'ਸਨਮਾਰ ਹੇਰਾਲਡ' (Sanmar Herald) 'ਤੇ ਈਰਾਨੀ ਫੌਜਾਂ ਵੱਲੋਂ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਰਣਨੀਤਕ ਤੌਰ 'ਤੇ ਮਹੱਤਵਪੂਰਨ ਹਰਮੁਜ਼ ਦੇ ਜਲਡਮਰੂਮੱਧ ਦੇ ਨੇੜਿਓਂ ਗੁਜ਼ਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਈਰਾਨੀ ਰਾਜਦੂਤ ਡਾ. ਮੁਹੰਮਦ ਫਤਾਲੀ ਨੂੰ ਮੀਟਿੰਗ ਲਈ ਬੁਲਾਇਆ ਤਾਂ ਜੋ ਇਸ ਘਟਨਾ ਵਿਰੁੱਧ ਰਸਮੀ ਵਿਰੋਧ ਦਰਜ ਕਰਵਾਇਆ ਜਾ ਸਕੇ। ਸੂਤਰਾਂ ਅਨੁਸਾਰ, ਭਾਰਤ ਸਰਕਾਰ ਨੇ ਸਮੁੰਦਰੀ ਰਸਤੇ ਵਿੱਚ ਵਾਪਰੀ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਈਰਾਨੀ ਪੱਖ ਕੋਲ ਆਪਣਾ ਸਖ਼ਤ ਇਤਰਾਜ਼ ਦਰਜ ਕਰਵਾਇਆ ਹੈ।
ਦੱਸ ਦਈਏ ਕਿ ਸ਼ਨੀਵਾਰ ਨੂੰ ਹਰਮੁਜ਼ (Strait of Hormuz) ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ ਦੋ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਸੀ। ਹਾਲਾਂਕਿ ਇਸ ਦੌਰਾਨ ਜਹਾਜ਼ਾਂ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਵੱਲੋਂ ਜਾਰੀ ਨਾਕਾਬੰਦੀ ਦੇ ਜਵਾਬ ਵਿੱਚ ਈਰਾਨ ਨੇ ਰਣਨੀਤਕ ਤੌਰ 'ਤੇ ਬੇਹੱਦ ਮਹੱਤਵਪੂਰਨ 'ਸਟਰੇਟ ਆਫ ਹੋਰਮੁਜ਼' ਨੂੰ ਮੁੜ ਬੰਦ ਕਰਨ ਦਾ ਐਲਾਨ ਕਰ ਦਿੱਤਾ। ਈਰਾਨ ਦੀ ਸਰਕਾਰੀ ਮੀਡੀਆ ਨੇ ਇੱਕ ਵੀਡੀਓ ਜਾਰੀ ਕਰਕੇ ਦਿਖਾਇਆ ਹੈ ਕਿ ਕਿਸ ਤਰ੍ਹਾਂ ਹੋਰਮੁਜ਼ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਦਰਜਨਾਂ ਜਹਾਜ਼ਾਂ ਨੂੰ ਵਾਪਸ ਮੁੜਨਾ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
