ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕੀਤਾ ਹੋਰ ਤਿੱਖਾ, ਕੀਤੇ ਅਹਿਮ ਐਲਾਨ
Sunday, Dec 20, 2020 - 09:34 PM (IST)
ਨਵੀਂ ਦਿੱਲੀ: ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ’ਤੇ 31 ਕਿਸਾਨ ਜਥੇਬੰਦੀਆਂ ਡਟੀਆਂ ਹੋਈਆਂ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਸੱਦੀ ਗਈ ਮੀਟਿੰਗ ਦੌਰਾਨ ਕੇਂਦਰ ਸਰਕਾਰ ਖਿਲਾਫ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਨੇ ਅੱਜ ਸ਼ਾਮ ਹੋਈ ਇਕ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਦੇਸ਼ ਭਰ 'ਚ ਸਾਰੇ ਮੋਰਚਿਆਂ 'ਤੇ ਜਿਹੜੇ ਵੀ ਕਿਸਾਨ ਧਰਨੇ ’ਤੇ ਬੈਠੇ ਹਨ, ਉਥੇ 11-11 ਮੈਂਬਰੀ ਟੀਮਾਂ ਕੱਲ੍ਹ ਤੋਂ ਨਿਰੰਤਰ ਭੁੱਖ ਹੜਤਾਲ ਸ਼ੁਰੂ ਕਰਨਗੀਆਂ। ਇਸੇ ਤਰ੍ਹਾਂ 25 ਦਸੰਬਰ ਨੂੰ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਖੋਲ੍ਹ ਦਿੱਤੇ ਜਾਣਗੇ। 23 ਦਸੰਬਰ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ ਦਾ ਇਕ ਵੇਲੇ ਦਾ ਖਾਣਾ ਤਿਆਗ ਕੇ ਕਿਸਾਨ ਅੰਦੋਲਨ ਨੂੰ ਹਮਾਇਤ ਦੇਣ।
26 ਅਤੇ 27 ਦਸੰਬਰ ਨੂੰ ਦੇਸ਼ ਭਰ 'ਚ ਕਿਸਾਨ ਜਥੇਬੰਦੀਆਂ ਐਨ.ਡੀ.ਏ. ਦੇ ਭਾਈਵਾਲਾਂ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੀਆਂ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਹ ਮੰਗ ਪੱਤਰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨ ਰੱਦ ਕਰਵਾਉਣ ਬਾਰੇ ਹੋਣਗੇ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਅਤੇ ਗਾਇਕਾਂ ਦੇ ਘਰਾਂ ’ਤੇ ਇਨਕਮ ਟੈਕਸ ਰਾਹੀਂ ਛਾਪੇ ਮਰਵਾ ਕੇ ਦਬਾਅ ਬਣਾਉਣ ਦੇ ਯਤਨਾਂ ਦੀ ਜ਼ੋਰਦਾਰ ਨਿਖੇਧੀ ਕੀਤੀ। 27 ਦਸੰਬਰ ਨੂੰ ਪ੍ਰਧਾਨ ਮੰਤਰੀ ਜਿੰਨਾ ਚਿਰ ‘ਮਨ ਕੀ ਬਾਤ’ ਕਰਨਗੇ, ਓਨੀ ਦੇਰ ਤੱਕ ਦੇਸ਼ ਵਾਸੀਆਂ ਨੂੰ ਥਾਲੀਆਂ ਖੜਕਾ ਕੇ ਵਿਰੋਧ ਕਰਨ ਦੀ ਵੀ ਅਪੀਲ ਕੀਤੀ ਗਈ ਹੈ।