ਪ੍ਰਵਾਸੀ ਮਜ਼ਦੂਰਾਂ ਨੂੰ ਮਹਾਰਾਸ਼ਟਰ ਆਉਣ ਲਈ ਮਨਜ਼ੂਰੀ ਲੈਣੀ ਹੋਵੇਗੀ : ਰਾਜ ਠਾਕਰੇ
Monday, May 25, 2020 - 04:57 PM (IST)

ਮੁੰਬਈ- ਮਹਾਰਾਸ਼ਟਰ ਨਵ ਨਿਰਮਾਣ ਸੈਨਾ ਦੇ ਪ੍ਰਧਾਨ ਰਾਜ ਠਾਕਰੇ ਨੇ ਮੰਗ ਕਰਦੇ ਹੋਏ ਕਿਹਾ ਕਿ ਭਵਿੱਖ 'ਚ ਜਦੋਂ ਪ੍ਰਵਾਸੀ ਮਜ਼ਦੂਰ ਮਹਾਰਾਸ਼ਟਰ 'ਚ ਆਉਣ ਤਾਂ ਉਨ੍ਹਾਂ ਨੂੰ ਸਰਕਾਰ ਤੋਂ ਮਨਜ਼ੂਰੀ ਲੈਣੀ ਹੋਵੇਗੀ ਅਤੇ ਆਪਣੀ ਪੂਰੀ ਜਾਣਕਾਰੀ ਪੁਲਸ ਨੂੰ ਦੇਣੀ ਹੋਵੇਗੀ। ਰਾਜ ਠਾਕਰੇ ਨੇ ਕਿਹਾ ਕਿ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਮਜ਼ਦੂਰਾਂ ਨੂੰ ਪ੍ਰਵੇਸ਼ ਦਿੱਤਾ ਜਾਵੇ। ਇਨ੍ਹਾਂ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਸੂਬੇ ਦੇ ਲੋਕਾਂ ਦੀਆਂ ਸੇਵਾਵਾਂ ਦੀ ਜ਼ਰੂਰਤ ਹੈ ਤਾਂ ਉੱਤਰ ਪ੍ਰਦੇਸ਼ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੋਵੇਗੀ। ਯੋਗੀ 'ਤੇ ਟਿੱਪਣੀ ਕਰਦੇ ਹੋਏ ਠਾਕਰੇ ਨੇ ਕਿਹਾ,''ਜੇਕਰ ਅਜਿਹਾ ਹੈ ਤਾਂ ਮਹਾਰਾਸ਼ਟਰ 'ਚ ਪ੍ਰਵੇਸ਼ ਕਰਨ ਵਾਲੇ ਕਿਸੇ ਵੀ ਪ੍ਰਵਾਸੀ ਨੂੰ, ਮਹਾਰਾਸ਼ਟਰ ਸਰਕਾਰ ਅਤੇ ਰਾਜ ਪੁਲਸ ਤੋਂ ਮਨਜ਼ੂਰੀ ਲੈਣ ਦੀ ਜ਼ਰੂਰਤ ਹੋਵੇਗੀ। ਮਹਾਰਾਸ਼ਟਰ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣ ਦੀ ਜ਼ਰੂਰਤ ਹੈ।''