ਨਰਿੰਦਰ ਮੋਦੀ ਨੇ ਬ੍ਰਿਟੇਨ ਦੇ PM ਸਟਾਰਮਰ ਨਾਲ ਕੀਤੀ ਗੱਲ, ਜਲਦ FTA ਲਈ ਕੰਮ ਕਰਨ ''ਤੇ ਜਤਾਈ ਸਹਿਮਤੀ
Saturday, Jul 06, 2024 - 04:10 PM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਨਵੇਂ ਚੁਣੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਸ਼ਨੀਵਾਰ ਨੂੰ ਗੱਲ ਕੀਤੀ। ਦੋਹਾਂ ਨੇਤਾਵਾਂ ਨੇ ਗੱਲਬਾਤ 'ਚ ਆਪਸੀ ਰੂਪ ਨਾਲ ਲਾਭਕਾਰੀ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਦਿਸ਼ਾ 'ਚ ਕੰਮ ਕਰਨ 'ਤੇ ਸਹਿਮਤੀ ਜਤਾਈ। ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ ਗਈ। ਪੀ.ਐੱਮ. ਮੋਦੀ ਨੇ ਸਟਾਰਮਰ ਨੂੰ ਪ੍ਰਧਾਨ ਮੰਤਰੀ ਬਣਨ ਅਤੇ ਚੋਣਾਂ 'ਚ ਉਨ੍ਹਾਂ ਦੀ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ। ਬਿਆਨ 'ਚ ਕਿਹਾ ਗਿਆ ਕਿ ਦੋਵੇਂ ਨੇਤਾਵਾਂ ਨੇ ਭਾਰਤ ਅਤੇ ਬ੍ਰਿਟੇਨ ਵਿਚਾਲੇ ਇਤਿਹਾਸਕ ਸੰਬੰਧਾਂ ਨੂੰ ਯਾਦ ਕੀਤਾ ਅਤੇ ਦੋਹਾਂ ਦੇਸ਼ਾਂ ਵਿਚਾਲੇ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਅਤੇ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਬ੍ਰਿਟੇਨ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਿਕਾਸ 'ਚ ਭਾਰਤੀ ਭਾਈਚਾਰੇ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਵਿਚਾਲੇ ਮਜ਼ਬੂਤ ਸੰਬੰਧਾਂ ਨੂੰ ਉਤਸ਼ਾਹ ਦੇਣ 'ਤੇ ਸਹਿਮਤੀ ਜ਼ਾਹਰ ਕੀਤੀ। ਬਿਆਨ 'ਚ ਕਿਹਾ ਗਿਆ ਹੈ ਕਿ ਮੋਦੀ ਨੇ ਸਟਾਰਮਰ ਨੂੰ ਜਲਦ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਅਤੇ ਦੋਹਾਂ ਨੇਤਾਵਾਂ ਨੇ ਸੰਪਰਕ 'ਚ ਬਣੇ ਰਹਿਣ 'ਤੇ ਸਹਿਮਤੀ ਜਤਾਈ। ਮੋਦੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ,''ਕੀਰ ਸਟਾਰਮਰ ਨਾਲ ਗੱਲ ਕਰ ਕੇ ਖੁਸ਼ੀ ਹੋਈ। ਉਨ੍ਹਾਂ ਨੂੰ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ। ਅਸੀਂ ਆਪਣੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਅਤੇ ਗਲੋਬਲ ਭਲਾਈ ਲਈ ਵਿਆਪਕ ਰਣਨੀਤਕ ਸਾਂਝੇਦਾਰੀ ਅਤੇ ਮਜ਼ਬੂਤ ਭਾਰਤ-ਬ੍ਰਿਟੇਨ ਆਰਥਿਕ ਸੰਬੰਧਾਂ ਨੂੰ ਡੂੰਘਾ ਕਰਨ ਲਈ ਵਚਨਬੱਧ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e