ਮਾਨਸੂਨ ਸੈਸ਼ਨ: ਲੋਕ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ, ਪ੍ਰਣਬ ਮੁਖਰਜੀ ਨੂੰ ਦਿੱਤੀ ਗਈ ਸ਼ਰਧਾਂਜਲੀ
Monday, Sep 14, 2020 - 09:58 AM (IST)
ਨਵੀਂ ਦਿੱਲੀ— ਕੋਰੋਨਾ ਕਾਲ ਦਰਮਿਆਨ ਅੱਜ ਯਾਨੀ ਕਿ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 18 ਦਿਨ ਦਾ ਹੋਵੇਗਾ। ਜਿਸ 'ਚ ਕਈ ਅਹਿਮ ਬਿੱਲ 'ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਸੰਸਦ ਦਾ ਸੈਸ਼ਨ ਅਜਿਹੇ ਸਮੇਂ 'ਚ ਆਯੋਜਿਤ ਹੋ ਰਿਹਾ ਹੈ, ਜਦੋਂ ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ-ਦਿਨ ਵੱਧ ਰਹੇ ਹਨ। ਮਹਾਮਾਰੀ ਕਾਰਨ ਇਸ ਵਾਰ ਸੈਸ਼ਨ 'ਚ ਕਈ ਬਦਲਾਅ ਕੀਤੇ ਗਏ ਹਨ। ਅੱਜ ਪਹਿਲੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਦਨ ਦੇ ਮੈਂਬਰ ਐੱਚ. ਵਸੰਤਕੁਮਾਰ, ਸ਼ਾਸਤਰੀ ਗਾਇਕ ਪੰਡਤ ਜਸਰਾਜ ਅਤੇ ਸਦਨ ਦੇ ਹੋਰ ਸਾਬਕਾ ਮੈਂਬਰਾਂ ਦੇ ਦਿਹਾਂਤ 'ਤੇ ਸੋਗ ਜ਼ਾਹਰ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ। ਮਰਹੂਮ ਨੇਤਾਵਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਲੋਕ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪ੍ਰਣਬ ਮੁਖਰਜੀ ਇਕ ਸਫਲ ਬੁਲਾਰੇ ਅਤੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਗਿਆਨ ਅਤੇ ਅਨੁਭਵ ਵਿਲੱਖਣ ਸੀ।
ਦੱਸ ਦੇਈਏ ਕਿ ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਸੰਸਦ ਮੈਂਬਰ ਪੂਰੀ ਸਾਵਧਾਨੀ ਵਰਤ ਰਹੇ ਹਨ। ਸੰਸਦ ਮੈਂਬਰ ਮਾਸਕ ਅਤੇ ਸ਼ੀਲਡ ਲਾ ਕੇ ਸੰਸਦ ਪੁੱਜੇ। ਓਧਰ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਲੱਦਾਖ ਨੂੰ ਲੈ ਕੇ ਲੋਕ ਸਭਾ ਵਿਚ ਸਥਗਨ ਪ੍ਰਸਤਾਵ ਦਿੱਤਾ ਹੈ। ਵਿਰੋਧੀ ਪਾਰਟੀਆਂ ਸੰਸਦ ਵਿਚ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਵਿਚ ਹੈ। ਵਿਰੋਧੀ ਧਿਰ ਸਰਕਾਰ ਨੂੰ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਘੇਰਨਾ ਚਾਹੁੰਦੀ ਹੈ। ਨਾਲ ਹੀ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) 'ਤੇ ਚੀਨ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਸਵਾਲ-ਜਵਾਬ ਵੀ ਕਰੇਗਾ। ਇਸ ਤੋਂ ਇਲਾਵਾ ਕੋਰੋਨਾ ਦੇ ਮੁੱਦੇ 'ਤੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ। ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸਰਕਾਰ ਨੇ ਇਨ੍ਹਾਂ ਤਮਾਮ ਮੁੱਦਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।