ਮਾਨਸੂਨ ਸੈਸ਼ਨ ਤੋਂ ਪਹਿਲਾਂ ਓਮ ਬਿਰਲਾ ਦੀ ਸੰਸਦ ਮੈਂਬਰਾਂ ਨੂੰ ਅਪੀਲ- ਕੋਰੋਨਾ ਟੈਸਟ ਕਰਵਾਉਣ

08/29/2020 2:22:36 PM

ਨਵੀਂ ਦਿੱਲੀ— ਭਾਰਤ 'ਚ ਲੱਗਭਗ 34 ਲੱਖ ਦੇ ਕਰੀਬ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਸ ਜਾਨਲੇਵਾ ਮਹਾਮਾਰੀ ਨੂੰ ਦੇਖਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕੋਰੋਨਾ ਵਾਇਰਸ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦਰਮਿਆਨ ਸੰਸਦ ਦੇ ਮਾਨਸੂਨ ਸੈਸ਼ਨ ਸ਼ੁਰੂ ਕਰਨ ਲਈ ਸਿਹਤ ਅਤੇ ਸੁਰੱਖਿਆ ਉਪਾਵਾਂ ਵੱਲ ਧਿਆਨ ਦੇਣਾ ਲਾਜ਼ਮੀ ਹੈ। ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਲੋਕ ਸਭਾ ਸਪੀਕਰ ਬਿਰਲਾ ਨੇ ਕਿਹਾ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਕੰਪਲੈਕਸ 'ਚ ਕੋਵਿਡ-19 ਦੀ ਜਾਂਚ ਕਰਾਉਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੈਸ਼ਨ ਦੀ ਸ਼ੁਰੂਆਤ ਤੋਂ 72 ਘੰਟੇ ਪਹਿਲਾਂ ਸੰਸਦ ਮੈਂਬਰ ਕੋਰੋਨਾ ਵਾਇਰਸ ਲਈ ਜਾਂਚ ਕਰਵਾਉਣ।

ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ ਸ਼ੁਰੂ ਹੋ ਕੇ 1 ਅਕਤੂਬਰ ਤੱਕ ਚੱਲਣ ਦੀ ਸੰਭਾਵਨਾ ਹੈ। ਬਿਰਲਾ ਨੇ ਕਿਹਾ ਕਿ ਕੋਵਿਡ-19 ਨੇ ਦੁਨੀਆ ਭਰ ਵਿਚ ਲੋਕਤੰਤਰੀ ਸੰਸਥਾਵਾਂ ਦੇ ਕੰਮਕਾਜ ਲਈ ਇਕ ਵੱਡੀ ਚੁਣੌਤੀ ਪੇਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਸਾਰੇ ਮੈਂਬਰ ਕੋਵਿਡ-19 ਨਾਲ ਸੰਬੰਧਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਕੇ ਸੈਸ਼ਨ ਦੇ ਸੁਚਾਰੂ ਢੰਗ ਨਾਲ ਸ਼ੁਰੂ ਹੋਣ ਵਿਚ ਸਹਿਯੋਗ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨਸੂਨ ਸੈਸ਼ਨ ਦੋ ਪਾਰੀਆਂ ਵਿਚ ਸਵੇਰੇ ਅਤੇ ਸ਼ਾਮ ਨੂੰ ਆਯੋਜਿਤ ਹੋਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਵਿਵਸਥਾ ਕੋਵਿਡ-19 ਮਹਾਮਾਰੀ ਕਾਰਨ ਕੀਤੇ ਜਾਣ ਦਾ ਵਿਚਾਰ ਕੀਤਾ ਗਿਆ ਹੈ। 

ਕੋਵਿਡ-19 ਨੂੰ ਦੇਖਦਿਆਂ ਸੰਸਦ ਦੇ ਆਗਾਮੀ ਮਾਨਸੂਨ ਸੈਸ਼ਨ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬਿਰਲਾ ਨੇ ਸ਼ੁੱਕਰਵਾਰ ਨੂੰ ਦੋਹਾਂ ਸਦਨਾਂ ਦੇ ਅਧਿਕਾਰੀਆਂ, ਸਿਹਤ ਮੰਤਰਾਲਾ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਡਿਫੈਂਸ ਰਿਸਰਚ ਐਂਡ ਡਿਵਲਪਮੈਂਟ ਆਰਗੇਨਾਈਜੇਸ਼ਨ ਅਤੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਸੈਸ਼ਨ ਲਈ ਸਿਹਤ ਸੁਰੱਖਿਆ ਪ੍ਰੋਟੋਕਾਲ ਤੈਅ ਕੀਤਾ ਗਿਆ ਸੀ। ਬਿਰਲਾ ਨੇ ਕਿਹਾ ਕਿ ਮਾਨਸੂਨ ਸੈਸ਼ਨ ਨਿਰਵਿਘਨ ਰੂਪ ਨਾਲ ਚੱਲੇ, ਇਹ ਸਾਡੀ ਸਰਵਉੱਚ ਤਰਜੀਹ ਹੈ। ਇਸ ਲਈ ਸੁਰੱਖਿਆ ਦੇ ਵਿਆਪਕ ਇੰਤਜ਼ਾਮ ਹੋਣਗੇ। ਦੱਸ ਦੇਈਏ ਕਿ 1952 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸੰਸਦ ਦਾ ਸੈਸ਼ਨ ਇੰਨੇ ਵੱਡੇ ਪੈਮਾਨੇ 'ਤੇ ਤਿਆਰੀ ਕਰਨ ਅਤੇ ਪਾਬੰਦੀਆਂ ਕਰਨ ਵਾਲੇ ਉਪਾਵਾਂ ਦੀ ਲੋੜ ਪਈ ਹੈ।


Tanu

Content Editor

Related News