ਮੀਂਹ ਨੇ ਵਧਾਈ ਚਿੰਤਾ; 72 ਲੋਕਾਂ ਦੀ ਮੌਤ, 31 ਲਾਪਤਾ.... 260 ਸੜਕਾਂ ਬੰਦ

Sunday, Jul 06, 2025 - 11:06 AM (IST)

ਮੀਂਹ ਨੇ ਵਧਾਈ ਚਿੰਤਾ; 72 ਲੋਕਾਂ ਦੀ ਮੌਤ, 31 ਲਾਪਤਾ.... 260 ਸੜਕਾਂ ਬੰਦ

ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਵਿਚ ਬੀਤੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ 260 ਤੋਂ ਵੱਧ ਸੜਕਾਂ ਬੰਦ ਹਨ, ਜਿਨ੍ਹਾਂ ਵਿਚੋਂ ਇਕੱਲੇ ਮੰਡੀ ਜ਼ਿਲ੍ਹੇ ਵਿਚੋਂ 176 ਸੜਕਾਂ ਬਲਾਕ ਹਨ। ਸਥਾਨਕ ਮੌਸਮ ਵਿਭਾਗ ਨੇ ਐਤਵਾਰ ਯਾਨੀ ਕਿ ਅੱਜ ਕਾਂਗੜਾ, ਸਿਰਮੌਰ ਅਤੇ ਮੰਡੀ ਜ਼ਿਲ੍ਹਿਆਂ ਦੇ ਕੁਝ ਥਾਵਾਂ 'ਤੇ ਵੱਧ ਮੀਂਹ ਦਾ ਖ਼ਦਸ਼ਾ ਜਤਾਉਂਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ, ਸੋਲਨ, ਸ਼ਿਮਲਾ ਅਤੇ ਕੁੱਲੂ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਨੂੰ ਵੇਖਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ ਦਾ ਅਲਰਟ

ਮੌਸਮ ਵਿਭਾਗ ਨੇ ਲੋਕਾਂ ਨੂੰ ਜ਼ਮੀਨ ਖਿਸਕਣ, ਅਚਾਨਕ ਹੜ੍ਹ ਆਉਣ, ਪਾਣੀ ਭਰਨ ਅਤੇ ਕਮਜ਼ੋਰ ਢਾਂਚਿਆਂ, ਫਸਲਾਂ ਅਤੇ ਜ਼ਰੂਰੀ ਸੇਵਾਵਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਬਾਰੇ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਨਦੀ-ਨਾਲਿਆਂ ਤੋਂ ਦੂਰ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ 'ਚ ਨਾ ਜਾਣ ਦੀ ਸਲਾਹ ਵੀ ਦਿੱਤੀ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਮੁਤਾਬਕ ਹੁਣ ਤੱਕ ਨੁਕਸਾਨ ਦਾ ਅਨੁਮਾਨ ਲਗਭਗ 541 ਕਰੋੜ ਰੁਪਏ ਲਗਾਇਆ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਅਸਲ ਨੁਕਸਾਨ ਲਗਭਗ 700 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ, ਕਿਉਂਕਿ ਅਜੇ ਵੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।

ਹੁਣ ਤੱਕ 72 ਲੋਕਾਂ ਦੀ ਗਈ ਜਾਨ

ਮਾਨਸੂਨ ਦੀ ਸ਼ੁਰੂਆਤ 20 ਜੂਨ ਤੋਂ ਹੋਈ ਸੀ ਅਤੇ ਉਦੋਂ ਤੋਂ ਹੁਣ ਤੱਕ ਸੂਬੇ ਵਿਚ ਕੁੱਲ 72 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 45 ਮੌਤਾਂ ਬੱਦਲ ਫਟਣ, ਅਚਾਨਕ ਹੜ੍ਹ ਆਉਣ ਅਤੇ ਜ਼ਮੀਨ ਖਿਸਕਣ ਵਰਗੀਆਂ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ ਹੋਈਆਂ ਹਨ। ਸਭ ਤੋਂ ਵੱਧ ਨੁਕਸਾਨ ਮੰਡੀ ਜ਼ਿਲ੍ਹੇ ਵਿਚ ਦਰਜ ਕੀਤਾ ਗਿਆ ਹੈ, ਜਿੱਥੇ ਮੰਗਲਵਾਰ ਨੂੰ ਬੱਦਲ ਫਟਣ, ਅਚਾਨਕ ਹੜ੍ਹ ਆਉਣ ਅਤੇ ਜ਼ਮੀਨ ਖਿਸਕਣ ਦੀਆਂ 10 ਘਟਨਾਵਾਂ ਵਾਪਰੀਆਂ, ਜਿਸ ਵਿਚ 14 ਲੋਕਾਂ ਦੀ ਮੌਤ ਹੋ ਗਈ।

31 ਲੋਕ ਲਾਪਤਾ

ਇਨ੍ਹਾਂ ਘਟਨਾਵਾਂ ਤੋਂ ਬਾਅਦ 31 ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਲਈ ਖੋਜ ਕਾਰਜ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ  ਸ਼ਨੀਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ 'ਆਰੇਂਜ ਅਲਰਟ' ਜਾਰੀ ਕੀਤਾ ਹੈ।


author

Tanu

Content Editor

Related News