MP: ਟਰੱਕ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲਿਆ, 6 ਦੀ ਮੌਤ, 10 ਜ਼ਖਮੀ

Sunday, Dec 04, 2022 - 09:55 PM (IST)

MP: ਟਰੱਕ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲਿਆ, 6 ਦੀ ਮੌਤ, 10 ਜ਼ਖਮੀ

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 8 ਦੀ ਹਾਲਤ ਗੰਭੀਰ ਹੈ। ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਰਤਲਾਮ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 30 ਕਿਲੋਮੀਟਰ ਦੂਰ ਜਾਵਰਾ-ਲੇਬਰ ਫੋਰਲੇਨ 'ਤੇ ਸਤਰੁੰਡਾ ਚੌਰਾਹੇ 'ਤੇ ਵਾਪਰੀ।

ਰਤਲਾਮ ਦੇ ਜ਼ਿਲ੍ਹਾ ਮੈਜਿਸਟਰੇਟ ਨਰਿੰਦਰ ਕੁਮਾਰ ਸੂਰਿਆਵੰਸ਼ੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਇਸ ਹਾਦਸੇ 'ਚ ਘੱਟੋ-ਘੱਟ 10 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਰਤਲਾਮ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੌਕੇ 'ਤੇ ਪਹੁੰਚੇ ਜ਼ਿਲ੍ਹਾ ਪੁਲਸ ਸੁਪਰਡੈਂਟ ਅਭਿਸ਼ੇਕ ਤਿਵਾੜੀ ਨੇ ਦੱਸਿਆ ਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ। ਚਸ਼ਮਦੀਦਾਂ ਮੁਤਾਬਕ ਟਰੱਕ ਹਾਦਸੇ ਤੋਂ ਬਾਅਦ ਲੋਕ ਇਧਰ-ਉਧਰ ਭੱਜਣ ਲੱਗੇ। ਉਨ੍ਹਾਂ ਦੱਸਿਆ ਕਿ ਸੜਕ 'ਤੇ ਕੁਝ ਲਾਸ਼ਾਂ ਖਿੱਲਰੀਆਂ ਪਈਆਂ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।


author

Mandeep Singh

Content Editor

Related News