ਪਿਆਜ਼ ਦੇ ਹਾਰ ਪਹਿਨ ਕੇ ਸੰਸਦ ਪਹੁੰਚੇ ਕਈ ਸੰਸਦ ਮੈਂਬਰ, MSP ਦੀ ਚੁੱਕੀ ਮੰਗ
Thursday, Aug 08, 2024 - 01:08 PM (IST)
ਨਵੀਂ ਦਿੱਲੀ- ਵਿਰੋਧੀ ਧਿਰ ਗਠਜੋੜ 'ਇੰਡੀਆ' ਦੇ ਕਈ ਮੈਂਬਰ ਵੀਰਵਾਰ ਨੂੰ ਪਿਆਜ਼ ਦੇ ਹਾਰ ਪਾ ਕੇ ਸੰਸਦ 'ਚ ਪਹੁੰਚੇ ਅਤੇ ਕਿਸਾਨਾਂ ਦੀ ਫਸਲ ਦਾ ਉਚਿਤ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਯਕੀਨੀ ਬਣਾਉਣ ਦੀ ਮੰਗ ਕੀਤੀ। ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੀਆਂ ਹਨ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।
ਤ੍ਰਿਣਮੂਲ ਕਾਂਗਰਸ, ਰਾਸ਼ਟਰੀ ਜਨਤਾ ਦਲ, ਝਾਰਖੰਡ ਮੁਕਤੀ ਮੋਰਚਾ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ 'ਮਕਰ ਦੁਆਰ' ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ‘ਕਿਸਾਨਾਂ ਨੂੰ MSP ਦਿਓ’ ਅਤੇ ‘ਕਿਸਾਨਾਂ ਨਾਲ ਬੇਇਨਸਾਫ਼ੀ ਬੰਦ ਕਰੋ’ ਦੇ ਨਾਅਰੇ ਵੀ ਲਾਏ। ਤ੍ਰਿਣਮੂਲ ਦੇ ਸੰਸਦ ਮੈਂਬਰ ਪ੍ਰਸੂਨ ਬੈਨਰਜੀ, ਜੇ. ਐੱਮ. ਐੱਮ ਦੇ ਸੰਸਦ ਮੈਂਬਰ ਮਹੂਆ ਮਾਝੀ ਅਤੇ ਕਈ ਹੋਰ ਸੰਸਦ ਮੈਂਬਰਾਂ ਨੇ ਪਿਆਜ਼ ਦੇ ਹਾਰ ਪਹਿਨੇ ਹੋਏ ਸਨ। ਸ਼ਿਵ ਸੈਨਾ (ਯੂ. ਬੀ. ਟੀ) ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਕਿਹਾ ਕਿ ਟੀ. ਡੀ. ਪੀ ਅਤੇ ਜੇ. ਡੀ. ਯੂ ਨੂੰ ‘ਘੱਟੋ-ਘੱਟ ਸਮਰਥਨ ਮੁੱਲ’ ਦਿੱਤਾ ਗਿਆ ਹੈ ਪਰ ਕਿਸਾਨਾਂ ਨੂੰ MSP ਨਹੀਂ ਦਿੱਤੀ ਜਾ ਰਹੀ ਹੈ। ਅਸੀਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਚੁੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਨੇ ਕਿਸਾਨਾਂ ਲਈ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।