ਮੁੰਬਈ ਦੀ ਵਿਸ਼ੇਸ਼ ਅਦਾਲਤ ਦਾ ਸਖ਼ਤ ਫੈਸਲਾ, 44 ਸੋਮਾਲੀ ਸਮੁੰਦਰੀ ਡਾਕੂਆਂ ਨੂੰ ਉਮਰ ਕੈਦ ਦੀ ਸਜ਼ਾ
Tuesday, Jul 21, 2026 - 03:29 AM (IST)
ਮੁੰਬਈ - ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਸਮੁੰਦਰੀ ਸੁਰੱਖਿਆ ਨਾਲ ਜੁੜੇ ਇਕ ਵੱਡੇ ਮਾਮਲੇ ਵਿਚ 44 ਸੋਮਾਲੀ ਸਮੁੰਦਰੀ ਡਾਕੂਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਨਾਲ ਅਦਾਲਤ ਨੇ ਸਾਫ਼ ਸੰਦੇਸ਼ ਦੇ ਦਿੱਤਾ ਕਿ ਡਕੈਤੀ ਅਤੇ ਅਗਵਾ ਵਰਗੇ ਗੰਭੀਰ ਅਪਰਾਧਾਂ ਪ੍ਰਤੀ ਕਾਨੂੰਨ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੇਗਾ। ਦੋਸ਼ੀਆਂ ਨੇ ਸਜ਼ਾ ਤੋਂ ਪਹਿਲਾਂ ਅਦਾਲਤ ਤੋਂ ਰਹਿਮ ਦੀ ਅਪੀਲ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤੀ ਜੇਲ ਵਿਚ ਭਾਸ਼ਾ, ਖਾਣ-ਪੀਣ, ਸੱਭਿਆਚਾਰ ਅਤੇ ਪਰਿਵਾਰ ਤੋਂ ਦੂਰ ਰਹਿਣ ਕਰ ਕੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਅਦਾਲਤ ਨੇ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ।
ਅਦਾਲਤ ਨੇ ਕਿਹਾ ਕਿ ਸਾਰੇ ਦੋਸ਼ੀ ਸਮੁੰਦਰੀ ਡਕੈਤੀ ਰੋਕਥਾਮ ਕਾਨੂੰਨ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ.) ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਪਾਏ ਗਏ ਹਨ। ਵਿਸ਼ੇਸ਼ ਜੱਜ ਸੰਜੇ ਦਿਘੇ ਨੇ ਆਪਣੇ ਫੈਸਲੇ ਵਿਚ ਮੰਨਿਆ ਕਿ ਦੋਸ਼ੀਆਂ ’ਤੇ ਸਮੁੰਦਰੀ ਡਕੈਤੀ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਅਪਰਾਧ ਸਿੱਧ ਹੋਏ ਹਨ। ਅਦਾਲਤ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸਿਰਫ਼ ਨਿੱਜੀ ਮੁਸ਼ਕਲਾਂ ਦੇ ਆਧਾਰ ’ਤੇ ਸਜ਼ਾ ਵਿਚ ਰਾਹਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਹ ਅਪਰਾਧ ਸਮੁੰਦਰੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਵਪਾਰ ਦੋਵਾਂ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ।
