ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪਹੁੰਚੇ ਨੱਢਾ
Saturday, Mar 01, 2025 - 05:38 PM (IST)

ਕਟੜਾ/ਜੰਮੂ- ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਤ੍ਰਿਕੁਟਾ ਪਹਾੜੀਆਂ 'ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਪੂਜਾ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਨੱਢਾ ਦੇ ਨਾਲ ਉਨ੍ਹਾਂ ਦੀ ਪਤਨੀ ਮੱਲਿਕਾ ਨੱਢਾ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਤਰੁਣ ਚੁੱਘ ਅਤੇ ਭਾਜਪਾ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਸਤ ਸ਼ਰਮਾ ਵੀ ਮੌਜੂਦ ਸਨ।
ਨੱਢਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਦੇ ਆਧਾਰ ਕੈਂਪ ਕਟੜਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਵੱਲੋਂ 28 ਵਿਧਾਇਕਾਂ ਲਈ ਆਯੋਜਿਤ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਇਨ੍ਹਾਂ ਵਿਧਾਇਕਾਂ ਵਿਚ ਜ਼ਿਆਦਾਤਰ ਉਹ ਸ਼ਾਮਲ ਸਨ, ਜੋ ਪਹਿਲੀ ਵਾਰ ਚੁਣੇ ਗਏ ਹਨ। ਇਹ ਵਰਕਸ਼ਾਪ ਬਜਟ ਸੈਸ਼ਨ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਸੀ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਵੇਗਾ। ਸ਼ੁੱਕਰਵਾਰ ਨੂੰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਅਤੇ ਸਤ ਸ਼ਰਮਾ ਨੇ ਸਾਂਝੇ ਤੌਰ 'ਤੇ ਕਟੜਾ ਦੇ ਇਕ ਹੋਟਲ 'ਚ ਵਿਧਾਇਕ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ। ਵਰਕਸ਼ਾਪ ਦਾ ਉਦੇਸ਼ ਵਿਧਾਨ ਸਭਾ ਦੀ ਕਾਰਵਾਈ 'ਚ ਭਾਜਪਾ ਵਿਧਾਇਕਾਂ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।