ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

Friday, Aug 21, 2026 - 02:51 PM (IST)

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੇ ਨਿਵਾਸ ’ਤੇ ਸਕੱਤਰਾਂ ਨਾਲ ਤੀਜੀ ਉੱਚ-ਪੱਧਰੀ ਬੈਠਕ ਕੀਤੀ। ਬੈਠਕ ’ਚ ਬੁਨਿਆਦੀ ਢਾਂਚਾ ਅਤੇ ਸੰਪਰਕ, ਸੁਰੱਖਿਆ ਅਤੇ ਵਿਦੇਸ਼ ਮਾਮਲਿਆਂ ਅਤੇ ਸੁਸ਼ਾਸਨ ਨਾਲ ਜੁੜੇ ਮੰਤਰਾਲਿਆਂ ਅਤੇ ਵਿਭਾਗਾਂ ਦੇ ਭਵਿੱਖ ਦੇ ਕਾਰਜ ਏਜੰਡੇ ’ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਕੱਤਰ ਸਿਰਫ ਤਤਕਾਲੀ ਚੁਣੌਤੀਆਂ ਅਤੇ ਅੰਕੜਿਆਂ ਤੱਕ ਸੀਮਤ ਨਾ ਰਹਿਣ, ਸਗੋਂ ਦੇਸ਼ ਦੇ ਭਵਿੱਖ ਨੂੰ ਧਿਆਨ ’ਚ ਰੱਖਦੇ ਹੋਏ ਲੰਮੀ ਮਿਆਦ ਦੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ।

ਉਨ੍ਹਾਂ ਕਿਹਾ ਕਿ ਭਾਰਤ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਲਈ ਲੰਮੀ ਮਿਆਦ ਦਾ ਦ੍ਰਿਸ਼ਟੀਕੋਣ ਜ਼ਰੂਰੀ ਹੈ। ਬੈਠਕ ’ਚ ਵਿਭਾਗਾਂ ਵਿਚਾਲੇ ਤਾਲਮੇਲ ਦੀ ਕਮੀ ਨੂੰ ਵੱਡੀ ਚੁਣੌਤੀ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿਰਫ ਸੰਗਠਨਾਤਮਕ ਨਹੀਂ, ਸਗੋਂ ਸੋਚ ਨਾਲ ਜੁੜੀ ਸਮੱਸਿਆ ਵੀ ਹੈ, ਜਿਸ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕੋਵਿਡ-19 ਮਹਾਮਾਰੀ ਅਤੇ ਪੱਛਮੀ ਏਸ਼ੀਆ ਸੰਕਟ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਉਸ ਦੌਰਾਨ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ ਸੀ।

ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ’ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਏ. ਆਈ. ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਵਰਤੋਂ ਕੀਤੀ ਜਾਵੇ, ਪਰ ਮਨੁੱਖੀ ਦਖਲਅੰਦਾਜ਼ੀ ਅਤੇ ਫੈਸਲਾ ਸਮਰੱਥਾ ਵੀ ਬਣੀ ਰਹਿਣੀ ਚਾਹੀਦੀ ਹੈ। ਉਨ੍ਹਾਂ ਨੇ ਏ. ਆਈ. ਅਤੇ ਮਨੁੱਖੀ ਮਾਹਰਤਾ ਨੂੰ ਨਾਲ ਜੋੜ ਕੇ ਨਵੇਂ ਹੱਲ ਵਿਕਸਤ ਕਰਨ ’ਤੇ ਜ਼ੋਰ ਦਿੱਤਾ।

ਰੱਖਿਆ ਉਦਯੋਗ ਨੂੰ ਜ਼ਿਆਦਾ ਮੁਕਾਬਲੇਬਾਜ਼ ਬਣਾਉਣ ਦੀ ਲੋੜ

ਰੱਖਿਆ ਖੇਤਰ ’ਚ ਖੋਜ ਅਤੇ ਇਨੋਵੇਸ਼ਨ ਨੂੰ ਉਤਸ਼ਾਹ ਦੇਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਰੱਖਿਆ ਉਦਯੋਗ ਨੂੰ ਵਿਸ਼ਵ ਪੱਧਰ ’ਚ ਹੋਰ ਜ਼ਿਆਦਾ ਮੁਕਾਬਲੇਬਾਜ਼ ਬਣਾਇਆ ਜਾਣਾ ਚਾਹੀਦਾ ਹੈ, ਇਸ ਲਈ ਰੱਖਿਆ ਸਿੱਖਿਆ ਅਤੇ ਮਨੁੱਖੀ ਸਰੋਤ ਵਿਕਾਸ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਨੀਤੀ ਨਿਰਮਾਣ ’ਚ ਨਵੇਂ ਵਿਚਾਰ ਲਿਆਉਣ ਲਈ ਸਰਕਾਰੀ ਵਿਭਾਗਾਂ, ਯੂਨੀਵਰਸਿਟੀਆਂ ਅਤੇ ਨੌਜਵਾਨਾਂ ਵਿਚਾਲੇ ਜ਼ਿਆਦਾ ਗੱਲਬਾਤ ਵਧਾਉਣ ’ਤੇ ਵੀ ਜ਼ੋਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News