ਪ੍ਰਧਾਨ ਮੰਤਰੀ ਨੇ ਦੇਸ਼ ਦੇ ਸਰਬਉੱਚ ਅਹੁਦੇ ਦੀ ਸ਼ਾਨ ਨੂੰ ਢਾਅ ਲਾਈ : ਪ੍ਰਿਯੰਕਾ

Sunday, Nov 03, 2024 - 01:04 AM (IST)

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ‘ਗਾਰੰਟੀ’ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਮਲੇ ਨੂੰ ਲੈ ਕੇ ਸ਼ਨੀਵਾਰ ਜਵਾਬੀ ਹਮਲਾ ਕਰਦੇ ਹੋਏ ਦੋਸ਼ ਲਾਇਆ ਕਿ ਮੋਦੀ ਨੇ 140 ਕਰੋੜ ਦੇਸ਼ ਵਾਸੀਆਂ ਸਾਹਮਣੇ ਵਾਰ-ਵਾਰ ਖੋਖਲੇ ਵਾਅਦੇ ਕਰ ਕੇ ਦੇਸ਼ ਦੇ ਸਰਬਉੱਚ ਅਹੁਦੇ ਦੀ ਸ਼ਾਨ ਨੂੰ ਢਾਅ ਲਾਈ ਹੈ।

ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਚੋਣ ਵਾਅਦਿਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ’ਤੇ ਵੱਡਾ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੂੰ ਹੁਣ ਇਹ ਅਹਿਸਾਸ ਹੋ ਗਿਆ ਹੈ ਕਿ ਵਾਅਦੇ ਕਰਨੇ ਸੌਖੇ ਹਨ ਪਰ ਉਨ੍ਹਾਂ ਨੂੰ ਲਾਗੂ ਕਰਨਾ ਔਖਾ ਜਾਂ ਅਸੰਭਵ ਹੈ।

ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ‘ਐਕਸ’ ’ਤੇ ਇਕ ਪੋਸਟ ਵਿਚ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਜੀ ਕਹਿੰਦੇ ਹੁੰਦੇ ਸਨ ਕਿ ਸੱਚ ਹੀ ਪ੍ਰਮਾਤਮਾ ਹੈ।

ਉਨ੍ਹਾਂ ਕਿਹਾ ਕਿ ਜਿਸ ਦੇਸ਼ ’ਚ ਸੱਚਾਈ ਹਜ਼ਾਰਾਂ ਸਾਲਾਂ ਦੀ ਸੰਸਕ੍ਰਿਤੀ ਦਾ ਆਧਾਰ ਹੈ, ਉੱਥੇ ਉੱਚ ਅਹੁਦੇ ’ਤੇ ਬਿਰਾਜਮਾਨ ਵਿਅਕਤੀ ਨੂੰ ਝੂਠ ਦਾ ਸਹਾਰਾ ਨਹੀਂ ਲੈਣਾ ਚਾਹੀਦਾ। ਪ੍ਰਿਯੰਕਾ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ’ਤੇ ਲਾਏ ਗਏ ਦੋਸ਼ ਸੱਚਾਈ ਤੋਂ ਪਰ੍ਹੇ ਹਨ। ਕਾਂਗਰਸ ਪਾਰਟੀ ਨੇ ਜਿਸ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ, ਨੂੰ ਅਗਲੀਆਂ ਚੋਣਾਂ ਦੀ ਉਡੀਕ ਕੀਤੇ ਬਿਨਾਂ ਸਰਕਾਰ ਬਣਦਿਆਂ ਹੀ ਪੂਰਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ।


Rakesh

Content Editor

Related News