ਜੇਕਰ ਕਿਸਾਨ ਕੇਂਦਰ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਤਾਂ ਸਰਕਾਰ ਗੱਲਬਾਤ ਲਈ ਤਿਆਰ: ਤੋਮਰ
Wednesday, Feb 24, 2021 - 05:55 PM (IST)
ਨਵੀਂ ਦਿੱਲੀ— ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਸਾਨੀ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਤੱਕ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਜ਼ਰੀਏ ਮਤਭੇਦ ਸੁਲਝਾਉਣ ਦੀ ਪੇਸ਼ਕਸ਼ ’ਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ। ਤੋਮਰ ਨੇ ਕਿਹਾ ਕਿ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨੀ ਘੋਲ: ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ
ਤੋਮਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਧਮਕੀ ਦੇ ਸਬੰਧ ਵਿਚ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਟਿਕੈਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਗਿਆ ਤਾਂ 40 ਲੱਖ ਟਰੈਕਟਰਾਂ ਨਾਲ ਸੰਸਦ ਤੱਕ ਮਾਰਚ ਕੱਢਿਆ ਜਾਵੇਗਾ। ਤੋਮਰ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ, ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਹੈ। ਅੱਜ ਵੀ ਜਦੋਂ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ, ਤਾਂ ਭਾਰਤ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਨੂੰ ਤਿਆਰ ਹੈ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ਖਾਲੀ ਕਰਨ ਦੇ ਦਿੱਲੀ ਪੁਲਸ ਦੇ ‘ਪੋਸਟਰਾਂ ਤੋਂ ਭੜਕੇ ਕਿਸਾਨ’
ਸਰਕਾਰ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ ਵਿਚਾਲੇ ਅਜੇ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ। 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਤੋਂ ਬਾਅਦ ਦੋਹਾਂ ਪੱਖਾਂ (ਕਿਸਾਨ ਅਤੇ ਸਰਕਾਰ) ਵਿਚ ਗੱਲਬਾਤ ਬੰਦ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ, ਕੇਂਦਰ ਵਲੋਂ ਪਿਛਲੇ ਸਾਲ ਬਣਾਏ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੀ ਮੰਗ ਨੂੰ ਲੈ ਕੇ ਨਵੰਬਰ 2020 ਦੇ ਅੰਤ ਤੋਂ ਹੀ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ