ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੀ ਕਿਸਾਨਾਂ ਨੂੰ ਅਪੀਲ, ਅੰਦੋਲਨ ਛੱਡ ਗੱਲਬਾਤ ਲਈ ਅੱਗੇ ਆਉਣ
Thursday, Nov 26, 2020 - 03:25 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੇਂਦਰੀ ਖੇਤੀਬਾੜੀ ਨਰੇਂਦਰ ਸਿੰਘ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ। ਉਨ੍ਹਾਂ ਨੇ 3 ਦਸੰਬਰ ਨੂੰ ਕਿਸਾਨਾਂ ਨੇਤਾਵਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ ਸਰਕਾਰ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਜੀਵਨ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ 'ਤੇ ਝਾਤ ਮਾਰਨ ਅਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ 'ਤੇ ਵਾਪਸ ਲਵੇ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ਨੂੰ ਹਵਾ ਦਿੱਤੀ ਜਾ ਰਹੀ ਹੈ, ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ 'ਚ ਹਨ।
ਇਹ ਵੀ ਪੜ੍ਹੋ : ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਬੱਸ ਅਤੇ ਟਰੱਕ ਨਾਲ ਹੋਈ ਟੱਕਰ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ 'ਚ ਵੇਖੋ ਹੁਣ ਤੱਕ ਦਾ ਹਾਲ