ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਨਰੇਂਦਰ ਤੋਮਰ ਦਾ ਬਿਆਨ ਆਇਆ ਸਾਹਮਣੇ ਬੋਲੇ- ਇਸ ਗੱਲ ਦਾ ਹੈ ਦੁਖ਼
Friday, Nov 19, 2021 - 05:10 PM (IST)
ਨਵੀਂ ਦਿੱਲੀ (ਭਾਸ਼ਾ)- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਸੁਆਗਤ ਕੀਤਾ ਪਰ ਨਾਲ ਹੀ ਦੁਖ ਜਤਾਇਆ ਕਿ ਸਰਕਾਰ ਕੁਝ ਕਿਸਾਨ ਸਮੂਹਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਲਾਭ ਬਾਰੇ ਭਰੋਸਾ ਦੇਣ ’ਚ ਅਸਫ਼ਲ ਰਹੀ। ਤੋਮਰ ਨੇ ਇਕ ਵੀਡੀਓ ਸੰਦੇਸ਼ ’ਚ ਕਿਹਾ ਕਿ ਸਰਕਾਰ ਤਿੰਨੋਂ ਨਵੇਂ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਭਾਈਚਾਰੇ ਦੇ ਸਾਹਮਣੇ ਆਉਣ ਵਾਲੀਆਂ ਪਰੇਸ਼ਾਨੀਆਂ ਨੂੰ ਦੂਰ ਕਰਨਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਸੰਸਦ ਵਲੋਂ ਪਾਸ ਇਨ੍ਹਾਂ ਕਾਨੂੰਨਾਂ ਨੂੰ ਯਕੀਨੀ ਰੂਪ ਨਾਲ ਕਿਸਾਨਾਂ ਨੂੰ ਲਾਭ ਹੁੰਦਾ। ਉਨ੍ਹਾਂ ਕਿਹਾ,‘‘ਮੈਨੂੰ ਦੁਖ ਹੈ ਕਿ ਅਸੀਂ ਕੁਝ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਲਾਭ ਬਾਰੇ ਸਮਝਾਉਣ ’ਚ ਸਫ਼ਲ ਨਹੀਂ ਹੋਏ।’’ ਪ੍ਰਧਾਨ ਮੰਤਰੀ ਨੇ ਹਮੇਸ਼ਾ ਇਨ੍ਹਾਂ ਕਾਨੂੰਨਾਂ ਰਾਹੀਂ ਖੇਤੀਬਾੜੀ ਖੇਤਰ ’ਚ ਤਬਦੀਲੀ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਕੁਝ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ’ਚ ਪਰੇਸ਼ਾਨੀ ਦਿਖਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗੱਲਬਾਤ ਦਾ ਰਸਤਾ ਅਪਣਾਇਆ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸੁਆਗਤ ਕਰਦੇ ਹੋਏ ਮੰਤਰੀ ਨੇ ਕਿਹਾ,‘‘ਅਸੀਂ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਸਫ਼ਲ ਨਹੀਂ ਰਹੇ।’’
ਇਹ ਕਹਿੰਦੇ ਹੋਏ ਮੋਦੀ ਸਰਕਾਰ ਪਿਛਲੇ 7 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਕਲਿਆਣ ਲਈ ਵਚਨਬੱਧ ਰਹੀ ਹੈ, ਤੋਮਰ ਨੇ ਸਾਲ 2014 ਤੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਉਤਪਾਦਨ ਲਾਗਤ ਦਾ ਘੱਟੋ-ਘੱਟ 1.5 ਗੁਣਾ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਖਰੀਦ ਦੁੱਗਣੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਦੀ ਆਦਮਨ ਵਧਾਉਣ ਲਈ ਸਰਕਾਰ ਨੇ ਪੀ.ਐੱਮ-ਕਿਸਾਨ ਯੋਜਨਾ ਸ਼ੁਰੂ ਕੀਤੀ, ਜਿਸ ਦੇ ਅਧੀਨ ਹੁਣ ਤੱਕ ਕਿਸਾਨਾਂ ਨੂੰ 1.62 ਲੱਖ ਕਰੋੜ ਰੁਪਏ ਵੰਡੇ ਜਾ ਚੁਕੇ ਹਨ। ਪਿਛਲੇ 7 ਸਾਲਾਂ ’ਚ ਫ਼ਸਲ ਕਰਜ਼ ਦੁੱਗਣਾ ਕਰ ਦਿੱਤਾ ਗਿਆ ਹੈ, ਜਦੋਂ ਕਿ ਕਿਸਾਨ ਕ੍ਰੇਡਿਟ ਕਾਰਡ ਕਵਰੇਜ਼ ਦਾ ਵੀ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰੀਬ ਇਕ ਲੱਖ ਕਰੋੜ ਰੁਪਏ ਦਾ ਬੁਨਿਆਦੀ ਢਾਂਚਾ ਫੰਡ ਵੀ ਸਥਾਪਤ ਕੀਤਾ ਗਿਆ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ