ਨੈਸ਼ਨਲ ਹੇਰਾਲਡ ਮਾਮਲੇ ''ਚ ਅਦਾਲਤ ਨੇ ਸੋਨੀਆ ਤੇ ਰਾਹੁਲ ਗਾਂਧੀ ਨੂੰ ਜਵਾਬ ਦੇਣ ਲਈ ਦਿੱਤਾ 3 ਹਫ਼ਤੇ ਦਾ ਸਮਾਂ
Monday, Jul 27, 2026 - 05:40 PM (IST)
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੇਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਖ਼ਿਲਾਫ਼ ਦਾਇਰ ਚਾਰਜਸ਼ੀਟ 'ਤੇ ਨੋਟਿਸ ਲੈਣ ਤੋਂ ਇਨਕਾਰ ਕਰਨ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਈ.ਡੀ. ਦੀ ਅਰਜ਼ੀ 'ਤੇ ਜਵਾਬ ਦਾਖਲ ਕਰਨ ਲਈ ਸਬੰਧਤ ਧਿਰਾਂ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਸਟਿਸ ਮਨੋਜ ਜੈਨ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 10 ਸਤੰਬਰ ਦੀ ਤਾਰੀਖ਼ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੀ ਕਾਜ਼ ਲਿਸਟ ਵਿੱਚ ਕੇਸਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਅੱਜ ਇਸ 'ਤੇ ਸੁਣਵਾਈ ਨਹੀਂ ਹੋ ਸਕੀ।
ਈ.ਡੀ. ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਹੇਠਲੀ ਅਦਾਲਤ ਦਾ ਫੈਸਲਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਸਮਾਂ ਦਿੱਤੇ ਜਾਣ ਦੇ ਬਾਵਜੂਦ ਬਚਾਅ ਪੱਖ ਨੇ ਅਜੇ ਤੱਕ ਜਵਾਬ ਦਾਖਲ ਨਹੀਂ ਕੀਤਾ ਹੈ। ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜੇਕਰ ਜਵਾਬ ਦਾਖਲ ਨਹੀਂ ਕੀਤਾ ਗਿਆ ਹੈ, ਤਾਂ ਇਸ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਦਾਖਲ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ 22 ਦਸੰਬਰ 2025 ਨੂੰ ਹੇਠਲੀ ਅਦਾਲਤ ਦੇ 16 ਦਸੰਬਰ ਦੇ ਹੁਕਮ 'ਤੇ ਰੋਕ ਲਗਾਉਣ ਦੀ ED ਦੀ ਅਰਜ਼ੀ 'ਤੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਹੇਠਲੀ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਇਸ ਮਾਮਲੇ ਵਿੱਚ ਈ.ਡੀ. ਦੀ ਸ਼ਿਕਾਇਤ 'ਤੇ ਨੋਟਿਸ ਲੈਣਾ ਕਾਨੂੰਨੀ ਤੌਰ 'ਤੇ ਸਵੀਕਾਰਯੋਗ ਨਹੀਂ ਹੈ, ਕਿਉਂਕਿ ਇਹ ਕਿਸੇ FIR 'ਤੇ ਆਧਾਰਿਤ ਨਹੀਂ ਹੈ।
ਈ.ਡੀ. ਨੇ ਗਾਂਧੀ ਪਰਿਵਾਰ ਤੋਂ ਇਲਾਵਾ ਸੁਮਨ ਦੂਬੇ, ਸੈਮ ਪਿਤਰੋਦਾ, ਯੰਗ ਇੰਡੀਅਨ, ਡੋਟੈਕਸ ਮਰਚੈਂਡਾਈਜ਼ ਪ੍ਰਾਈਵੇਟ ਲਿਮਟਿਡ, ਸੁਨੀਲ ਭੰਡਾਰੀ ਅਤੇ ਕਾਂਗਰਸ ਦੇ ਦਿਵੰਗਤ ਨੇਤਾਵਾਂ ਮੋਤੀਲਾਲ ਵੋਰਾ ਤੇ ਆਸਕਰ ਫਰਨਾਡਿਸ 'ਤੇ ਸਾਜ਼ਿਸ਼ ਰਚਣ ਅਤੇ ਮਨੀ ਲਾਂਡਰਿੰਗ ਦੇ ਦੋਸ਼ ਲਗਾਏ ਹਨ।
