ਅਰੁਣਾਚਲ 'ਚ ਗੁਰਦੁਆਰਾ ਸਾਹਿਬ ਨੂੰ ਬੌਧੀ ਧਾਰਮਿਕ ਅਸਥਾਨ 'ਚ ਬਦਲਣ ਨੂੰ ਲੈ ਕੇ NCM ਨੇ ਮੰਗੀ ਰਿਪੋਰਟ

04/25/2023 12:15:16 PM

ਨਵੀਂ ਦਿੱਲੀ- ਕੌਮੀ ਘੱਟਗਿਣਤੀ ਕਮਿਸ਼ਨ (NCM) ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਇਸ ਦਲੀਲ 'ਤੇ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ ਕਿ ਮੇਚੂਕਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਤਿਹਾਸਕ ਅਸਥਾਨ ਨੂੰ ਬੌਧ ਧਾਰਮਿਕ ਅਸਥਾਨ 'ਚ ਤਬਦੀਲ ਕਰ ਦਿੱਤਾ ਗਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। NCM ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਦੇ ਮੇਚੂਕਾ 'ਚ ਬਾਬਾ ਨਾਨਕ ਨਾਲ ਜੁੜੇ ਇਤਿਹਾਸਕ ਅਸਥਾਨ ਨੂੰ ਬੌਧ ਮੰਦਰ 'ਚ ਤਬਦੀਲ ਕਰਨ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੀ ਰਿਪੋਰਟ ਨੂੰ ਆਪਣੇ ਧਿਆਨ ਵਿਚ ਲਿਆ ਹੈ।

ਇਹ ਵੀ ਪੜ੍ਹੋ- ਮੋਰਿੰਡਾ ਬੇਅਦਬੀ ਅਤੇ ਅਰੁਣਾਚਲ ਪ੍ਰਦੇਸ਼ ’ਚ ਵਾਪਰੀ ਘਟਨਾ ਦੀ ਪ੍ਰੋ. ਸਰਚਾਂਦ ਨੇ ਕੀਤੀ ਸਖ਼ਤ ਨਿੰਦਾ

ਬਿਆਨ ਮੁਤਾਬਕ ਇਸ ਤਰ੍ਹਾਂ ਦੀਆਂ ਘਟਨਾਵਾਂ ਸਿੱਖ ਭਾਈਚਾਰੇ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਂਦੀ ਹੈ ਅਤੇ ਉਨ੍ਹਾਂ ਵਿਚਾਲੇ ਭੇਦਭਾਵ ਦੀ ਭਾਵਨਾ ਪੈਦਾ ਕਰਦੀਆਂ ਹਨ, ਇਸ ਲਈ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ 24 ਅਪ੍ਰੈਲ 2023 ਨੂੰ ਇਕ ਚਿੱਠੀ ਭੇਜ ਕੇ ਕਮਿਸ਼ਨ ਦੇ ਸਾਹਮਣੇ ਵਿਚਾਰ ਲਈ ਮਾਮਲੇ 'ਤੇ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਬਿਆਨ ਵਿਚ NCM ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਨੁੱਖਤਾ ਦੇ ਹਿੱਤ ਲਈ ਵੱਖ-ਵੱਖ ਦੇਸ਼ਾਂ ਅਤੇ ਪ੍ਰਦੇਸ਼ਾਂ ਦੀ ਯਾਤਰਾ ਦੌਰਾਨ ਮੇਚੂਕਾ ਜਾਣ ਦਾ ਜ਼ਿਕਰ ਕਈ ਪ੍ਰਾਚੀਨ ਗ੍ਰੰਥਾਂ ਵਿਚ ਮਿਲਦਾ ਹੈ। ਮੇਚੂਕਾ ਵਿਚ ਸਿੱਖ ਸੰਗਤ ਨੇ ਗੁਰੂ ਸਾਹਿਬ ਦੀ ਯਾਦ ਵਿਚ 'ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ' ਦੀ ਸਥਾਪਨਾ ਕੀਤੀ।

ਇਹ ਵੀ ਪੜ੍ਹੋ- ਕੇਜਰੀਵਾਲ ਸਰਕਾਰ ਨੇ ਮਜ਼ਦੂਰਾਂ ਲਈ ਕੀਤੇ ਵੱਡੇ ਐਲਾਨ, ਕਰ ਸਕਣਗੇ ਬੱਸਾਂ ’ਚ ਮੁਫ਼ਤ ਸਫ਼ਰ

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਮੇਚੂਕਾ ਯਾਤਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ। ਜਿਸ ਵਿਚ ਉਕਤ ਅਸਥਾਨ 'ਤੇ ਇਕ ਬੌਧ ਮੂਰਤੀ ਵੇਖੀ ਜਾ ਸਕਦੀ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਸੀ। ਇਸ ਪੂਰੇ ਮੁੱਦੇ ਨੂੰ ਲੈ ਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾਰਾ ਨੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਸਿੱਖਾਂ ਦੇ ਇਸ ਗੰਭੀਰ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਨਾਲ ਇਸ ਮੁੱਦੇ 'ਤੇ ਤੁਰੰਤ ਸੰਪਰਕ ਕੀਤਾ ਜਾਵੇ ਅਤੇ "ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ" ਸਿੱਖ ਕੌਮ ਨੂੰ ਸੌਂਪਿਆ ਜਾਵੇ।

ਇਹ ਵੀ ਪੜ੍ਹੋ-  ਲਾਰੈਂਸ ਬਿਸ਼ਨੋਈ ਦਾ ਪਾਕਿਸਤਾਨ ਨਾਲ ਕੁਨੈਕਸ਼ਨ ਦਾ ਹੋਵੇਗਾ ਖ਼ੁਲਾਸਾ, ਗੁਜਰਾਤ ATS ਨੂੰ ਮਿਲੀ ਕਸਟਡੀ

Tanu

This news is Content Editor Tanu