ਅੱਤਵਾਦ ਦੇ ਸਫ਼ਾਏ ਅਤੇ ਇਸ ਨੂੰ ਸ਼ਹਿ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੀ ਲੋੜ : ਰਾਜਨਾਥ ਸਿੰਘ
Friday, Apr 28, 2023 - 02:42 PM (IST)
ਨਵੀਂ ਦਿੱਲੀ (ਵਾਰਤਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਮੈਂਬਰ ਦੇਸ਼ਾਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਅੱਤਵਾਦ ਦੇ ਸਾਰੇ ਰੂਪਾਂ ਨੂੰ ਮਿਲਾ ਕੇ ਜੜ੍ਹੋ ਮਿਟਾਉਣ ਅਤੇ ਇਸ ਦਾ ਸਮਰਥਨ ਕਰਨ ਅਤੇ ਇਸ ਨੂੰ ਸ਼ਹਿ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੇ ਜਾਣ ਦੀ ਲੋੜ ਹੈ। ਰਾਜਨਾਥ ਨੇ ਸ਼ੁੱਕਰਵਾਰ ਨੂੰ ਇੱਥੇ ਐੱਸ.ਸੀ.ਓ. ਮੈਂਬਰ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਅੱਤਵਾਦ ਅਤੇ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਨੂੰ ਸਮਰਥਨ ਦੇਣਾ ਮਨੁੱਖਤਾ ਖ਼ਿਲਾਫ਼ ਵੱਡਾ ਅਪਰਾਧ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਸ਼ਾਂਤੀ ਅਤੇ ਖੁਸ਼ਹਾਲੀ ਇਕੱਠੇ ਨਹੀਂ ਰਹਿ ਸਕਦੇ। ਉਨ੍ਹਾਂ ਨੇ ਕਿਸੇ ਦੇਸ਼ ਦਾ ਨਾਂ ਲਏ ਬਿਨਾਂ ਕਿਹਾ ਕਿ ਜੇਕਰ ਕੋਈ ਦੇਸ਼ ਅੱਤਵਾਦੀਆਂ ਨੂੰ ਸਮਰਥਨ ਦਿੰਦਾ ਹੈ ਤਾਂ ਉਹ ਨਾ ਸਿਰਫ਼ ਦੂਜਿਆਂ ਲਈ ਖ਼ਤਰਾ ਪੈਦਾ ਕਰਦਾ ਹੈ ਸਗੋਂ ਆਪਣੇ ਲਈ ਵੀ ਖ਼ਤਰਾ ਪੈਦਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣਾ ਸਿਰਫ਼ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਚਿੰਤਾ ਦਾ ਵਿਸ਼ਾ ਨਹੀਂ ਹੈ ਸਗੋਂ ਇਹ ਸਮਾਜ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਦੇ ਮਾਰਗ 'ਚ ਵੀ ਵੱਡੀ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਐੱਸ.ਸੀ.ਓ. ਨੂੰ ਮਜ਼ਬੂਤ ਅਤੇ ਭਰੋਸੇਯੋਗ ਅੰਤਰਰਾਸ਼ਟਰੀ ਸੰਗਠਨ ਬਣਾਉਣਾ ਚਾਹੁੰਦੇ ਹਾਂ ਤਾਂ ਸਾਡੀ ਸਭ ਤੋਂ ਪਹਿਲੀ ਪਹਿਲ ਅੱਤਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਹੋਣੀ ਚਾਹੀਦੀ ਹੈ। ਭਾਰਤ ਸੰਯੁਕਤ ਰਾਸ਼ਟਰ ਚਾਰਟਰ ਦੇ ਪ੍ਰਬੰਧਾਂ ਦੇ ਆਧਾਰ 'ਤੇ ਸ਼ਾਂਤੀ ਅਤੇ ਸੁਰੱਖਿਆ ਬਣਾਏ ਰੱਖਣ 'ਚ ਵਿਸ਼ਵਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਦੇਸ਼ਾਂ ਨੂੰ ਵੱਧ ਤੋਂ ਵੱਧ ਫ਼ਾਇਦੇ ਲਈ ਸਹਿਯੋਗ ਦੀਆਂ ਕੋਸ਼ਿਸ਼ਾਂ ਨੂੰ ਵਧਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੁਰੱਖਿਅਤ ਅਤੇ ਖੁਸ਼ਹਾਲ ਖੇਤਰ ਤੋਂ ਸਾਰੇ ਦੇਸ਼ਾਂ 'ਚ ਲੋਕਾਂ ਦਾ ਜੀਵਨ ਪੱਧਰ ਸੁਧਰੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਸਕਿਓਰ' ਵਿਜਨ ਖੇਤਰ ਦੇ ਬਹੁ ਆਯਾਮੀ ਕਲਿਆਣ ਦੇ ਪ੍ਰਤੀ ਭਾਰਤ ਦੀ ਵਚਨਬੱਧਤਾ ਪ੍ਰਗਟ ਕਰਦਾ ਹੈ। ਸ਼੍ਰੀ ਸਿੰਘ ਨੇ ਕਿਹਾ ਕਿ ਭਾਰਤ ਸਾਂਝੇ ਸੁਰੱਖਿਆ ਹਿੱਤਾਂ ਨੂੰ ਦੇਖਦੇ ਹੋਏ ਐੱਸ.ਸੀ.ਓ. ਮੈਂਬਰ ਦੇਸ਼ਾਂ ਦੀ ਰੱਖਿਆ ਸਮਰੱਥਾ ਵਧਾਉਣ ਲਈ ਵਚਬੱਧ ਹੈ।