PM ਮੋਦੀ ਦੇ ਅਮਰੀਕਾ ਤੋਂ ਪਰਤਣ ਮਗਰੋਂ ਹੋਵੇਗਾ ਦਿੱਲੀ ’ਚ ਸਹੁੰ ਚੁੱਕ ਸਮਾਗਮ

Sunday, Feb 09, 2025 - 09:10 PM (IST)

PM ਮੋਦੀ ਦੇ ਅਮਰੀਕਾ ਤੋਂ ਪਰਤਣ ਮਗਰੋਂ ਹੋਵੇਗਾ ਦਿੱਲੀ ’ਚ ਸਹੁੰ ਚੁੱਕ ਸਮਾਗਮ

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹਰ ਕਿਸੇ ਦੀਆਂ ਨਜ਼ਰਾਂ ਨਵੀਂ ਸਰਕਾਰ ਦੇ ਗਠਨ ’ਤੇ ਟਿਕੀਆਂ ਹੋਈਆਂ ਹਨ। ਸਾਰਿਆਂ ਦੇ ਮਨ ਵਿਚ ਇਕ ਹੀ ਸਵਾਲ ਹੈ ਕਿ ਦਿੱਲੀ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। ਇਸ ਦਰਮਿਆਨ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਦੀ ਤਰੀਕ ਵੀ ਸਾਹਮਣੇ ਆ ਗਈ ਹੈ।

ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਤੋਂ ਬਾਅਦ ਹੋ ਸਕਦਾ ਹੈ। 13 ਫਰਵਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ। ਇਸ ਲਈ ਕਈ ਨਾਵਾਂ ’ਤੇ ਚਰਚਾ ਜ਼ੋਰਾਂ ’ਤੇ ਹੈ।

ਇਸ ਦਰਮਿਆਨ ਭਾਜਪਾ ’ਚ ਦਿੱਲੀ ਦੇ ਮੁੱਖ ਮੰਤਰੀ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਇਕ ਪਾਸੇ ਜਿੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਤਾਂ ਉੱਥੇ ਹੀ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਵੀ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। ਜਾਣਕਾਰੀ ਅਨੁਸਾਰ ਇਸ ਮੀਟਿੰਗ ’ਚ ਜਿੱਤ ਦੀ ਵਧਾਈ ਦੇਣ ਤੋਂ ਬਾਅਦ ਸਰਕਾਰ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਇਸ ਦੇ ਨਾਲ ਹੀ ਜੇ. ਪੀ. ਨੱਡਾ ਤੇ ਅਮਿਤ ਸ਼ਾਹ ਨੇ ਸਰਕਾਰ ਬਣਾਉਣ ਬਾਰੇ ਵੀ ਚਰਚਾ ਕੀਤੀ ਹੈ। ਇਸ ਤੋਂ ਇਕ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸੀਨੀਅਰ ਆਗੂਆਂ ਨੇ ਸ਼ਨੀਵਾਰ ਨੂੰ ਭਾਜਪਾ ਹੈੱਡਕੁਆਰਟਰ ’ਚ ਵਿਚਾਰ-ਵਟਾਂਦਰਾ ਕੀਤਾ ਸੀ।


author

Rakesh

Content Editor

Related News