ਨਿਰਭਯਾ ਕੇਸ : ਦੋਸ਼ੀ ਪਵਨ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਊਰੇਟਿਵ ਪਟੀਸ਼ਨ ਖਾਰਜ

Monday, Mar 02, 2020 - 11:55 AM (IST)

ਨਿਰਭਯਾ ਕੇਸ : ਦੋਸ਼ੀ ਪਵਨ ਨੂੰ ਸੁਪਰੀਮ ਕੋਰਟ ਤੋਂ ਝਟਕਾ, ਕਿਊਰੇਟਿਵ ਪਟੀਸ਼ਨ ਖਾਰਜ

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਅਤੇ ਕਤਲ ਕੇਸ ਦੇ ਚਾਰ ਦੋਸ਼ੀਆਂ 'ਚੋਂ ਇਕ ਪਵਨ ਸ਼ਰਮਾ ਨੇ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਕੋਰਟ ਨੇ ਅੱਜ ਭਾਵ ਸੋਮਵਾਰ ਨੂੰ ਖਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਉਹ ਘਟਨਾ ਦੇ ਸਮੇਂ ਨਾਬਾਲਗ ਸੀ। 5 ਜੱਜਾਂ ਦੀ ਬੈਂਚ ਨੇ ਪਵਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਵਨ ਦੀ ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਕੋਲ ਇਕ ਹੀ ਬਦਲ ਬਾਕੀ ਰਹਿ ਗਿਆ ਹੈ, ਉਹ ਹੈ ਦਯਾ ਪਟੀਸ਼ਨ। ਪਵਨ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਕੋਲ ਦਯਾ ਪਟੀਸ਼ਨ ਦਾਇਰ ਕਰ ਸਕਦਾ ਹੈ। ਇਸ ਮਾਮਲੇ 'ਚ 3 ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਅਤੇ ਦਯਾ ਪਟੀਸ਼ਨ ਨੂੰ ਪਹਿਲਾਂ ਹੀ ਖਾਰਜ ਕੀਤਾ ਜਾ ਚੁੱਕਾ ਹੈ। 

ਇੱਥੇ ਦੱਸ ਦੇਈਏ ਕਿ ਚਾਰੇ ਦੋਸ਼ੀਆਂ ਨੂੰ 3 ਮਾਰਚ ਯਾਨੀ ਕਿ ਮੰਗਲਵਾਰ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਹੈ। ਪਵਨ ਤੋਂ ਇਲਾਵਾ ਬਾਕੀ ਸਾਰੇ ਦੋਸ਼ੀਆਂ ਦੇ ਕਾਨੂੰਨੀ ਬਦਲ ਖਤਮ ਹੋ ਚੁੱਕੇ ਹਨ। ਹੁਣ ਜੇਕਰ ਪਵਨ ਰਾਸ਼ਟਰਪਤੀ ਕੋਲ ਦਯਾ ਪਟੀਸ਼ਨ ਦਾਇਰ ਕਰਦਾ ਹੈ ਤਾਂ 3 ਮਾਰਚ ਨੂੰ ਦਿੱਤੀ ਜਾਣ ਵਾਲੀ ਫਾਂਸੀ ਟਲ ਸਕਦੀ ਹੈ। ਇਸ ਤੋਂ ਪਹਿਲਾਂ 2 ਵਾਰ ਫਾਂਸੀ ਦੀ ਸਜ਼ਾ ਨੂੰ ਟਾਲ ਦਿੱਤਾ ਗਿਆ ਸੀ ਅਤੇ 3 ਮਾਰਚ ਨੂੰ ਫਾਂਸੀ ਦੇਣ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਗਿਆ।

ਕੀ ਹੈ ਮਾਮਲਾ— 
16 ਦਸੰਬਰ 2012 ਨੂੰ ਦੱਖਣੀ ਦਿੱਲੀ 'ਚ ਇਕ ਚੱਲਦੀ ਬੱਸ 'ਚ 23 ਸਾਲਾ ਪੈਰਾ-ਮੈਡੀਕਲ ਵਿਦਿਆਰਥਣ ਨਾਲ 6 ਵਹਿਸ਼ੀ ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਅਤੇ ਬਾਅਦ 'ਚ ਉਸ ਨੂੰ ਚੱਲਦੀ ਬੱਸ 'ਚੋਂ ਬਾਹਰ ਸੁੱਟ ਦਿੱਤਾ ਗਿਆ ਸੀ। 29 ਦਸੰਬਰ 2012 ਨੂੰ ਸਿੰਗਾਪੁਰ ਦੇ ਇਕ ਹਸਪਤਾਲ 'ਚ ਵਿਦਿਆਰਥਣ ਦੀ ਮੌਤ ਹੋ ਗਈ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ 'ਚ ਵੀ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਉਦੋਂ ਨਾਬਾਲਗ ਸੀ, ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ 3 ਸਾਲ ਬਾਲ ਸੁਧਾਰ ਗ੍ਰਹਿ 'ਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।


author

Tanu

Content Editor

Related News