ਨਿਰਭਯਾ ਕੇਸ : ਕੇਂਦਰ ਦੀ ਅਪੀਲ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

Thursday, Feb 06, 2020 - 11:46 AM (IST)

ਨਿਰਭਯਾ ਕੇਸ : ਕੇਂਦਰ ਦੀ ਅਪੀਲ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ 'ਤੇ ਰੋਕ ਵਿਰੁੱਧ ਹੁਣ ਕੇਂਦਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਕੇਂਦਰ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ 'ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਕੇਂਦਰ ਦੀ ਅਪੀਲ 'ਤੇ ਸੁਣਵਾਈ ਲਈ ਰਾਜ਼ੀ ਹੋ ਗਿਆ ਹੈ ਅਤੇ ਸ਼ੁੱਕਰਵਾਰ ਭਾਵ ਕੱਲ ਸੁਣਵਾਈ ਕਰੇਗਾ। ਕੇਂਦਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਕੇ. ਐੱਮ. ਨਟਰਾਜ ਨੇ ਜਸਟਿਸ ਐੱਨ. ਵੀ. ਰਮਨਾ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੀ ਬੈਂਚ ਦੇ ਸਾਹਮਣੇ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੁਚੀਬੱਧ ਕਰਨ ਦੀ ਬੇਨਤੀ ਕੀਤੀ। ਨਟਰਾਜ ਨੇ ਕੋਰਟ ਨੂੰ ਦੱਸਿਆ ਕਿ ਜੇਲ ਪ੍ਰਸ਼ਾਸਨ ਮਾਮਲੇ ਵਿਚ ਦੋਸ਼ੀਆਂ ਨੂੰ ਫਾਂਸੀ ਦੇਣ 'ਚ ਅਸਮਰੱਥ ਹੈ, ਜਦਕਿ ਉਨ੍ਹਾਂ ਦੀਆਂ ਮੁੜ ਵਿਚਾਰ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਊਰੇਟਿਵ (ਸੁਧਾਰਤਮਕ) ਪਟੀਸ਼ਨਾਂ ਅਤੇ ਉਨ੍ਹਾਂ 'ਚੋਂ 3 ਦੀਆਂ ਦਯਾ ਪਟੀਸ਼ਨਾਂ ਵੀ ਖਾਰਜ ਹੋ ਚੁੱਕੀਆਂ ਹਨ।

ਦਰਅਸਲ ਹਾਈ ਕੋਰਟ ਨੇ ਕੱਲ ਭਾਵ ਬੁੱਧਵਾਰ ਨੂੰ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੇ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੋਰਟ ਨੇ ਦੋਸ਼ੀਆਂ ਨੂੰ 7 ਦਿਨ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਕਿ ਉਹ ਆਪਣੇ ਸਾਰੇ ਕਾਨੂੰਨੀ ਬਦਲਾਂ ਦਾ ਇਸਤੇਮਾਲ ਕਰ ਲੈਣ। ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਾਉਣ ਦੀ ਪਟੀਸ਼ਨ 2017 ਨੂੰ ਹੀ ਖਾਰਜ ਕਰ ਚੁੱਕਾ ਹੈ। ਕੋਰਟ ਨੇ ਦਿੱਲੀ ਹਾਈ ਕੋਰਟ ਅਤੇ ਹੇਲਠੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਾਲ 2012 'ਚ ਵਾਪਰੇ ਇਸ ਗੰਭੀਰ ਅਪਰਾਧ ਤੋਂ ਬਾਅਦ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 

ਦੱਸਣਯੋਗ ਹੈ ਕਿ ਹੇਠਲੀ ਅਦਾਲਤ ਨੇ 31 ਜਨਵਰੀ ਨਿਰਭਯਾ ਮਾਮਲੇ ਦੇ ਦੋਸ਼ੀਆਂ- ਮੁਕੇਸ਼ ਕੁਮਾਰ, ਪਵਨ ਗੁਪਤਾ, ਵਿਨੇ ਕੁਮਾਰ ਸ਼ਰਮਾ ਅਤੇ ਅਕਸ਼ੈ ਕੁਮਾਰ ਦੀ ਫਾਂਸੀ 'ਤੇ 'ਅਗਲੇ ਆਦੇਸ਼ ਤਕ ਰੋਕ'  ਲਾ ਦਿੱਤੀ ਸੀ। ਫਿਲਹਾਲ ਚਾਰੇ ਦੋਸ਼ੀਆਂ ਤਿਹਾੜ ਜੇਲ ਵਿਚ ਬੰਦ ਹਨ।


author

Tanu

Content Editor

Related News