ਘਬਰਾਉਣ ਦੀ ਲੋੜ ਨਹੀਂ ਪਰ ਕੋਰੋਨਾ ਸਬੰਧੀ ਸਾਵਧਾਨੀਆਂ ਦਾ ਕਰੋ ਪਾਲਣ: ਵਿਜ
12/22/2022 3:57:04 PM

ਚੰਡੀਗੜ੍ਹ- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੁਝ ਦੇਸ਼ਾਂ ਵਿਚ ਕੋਰੋਨਾ ਵਾਇਰਸ ਲਾਗ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਪਰ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਵਰਗੇ ਸਾਵਧਾਨੀ ਉਪਾਵਾਂ ਦਾ ਪਾਲਣ ਕਰਨਾ ਚਾਹੀਦਾ ਹੈ। ਵਿਜ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਕੋਵਿਡ-19 ਸਬੰਧੀ ਕੋਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸੂਬੇ ਵਿਚ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ।
ਵਿਜ ਨੇ ਇਕ ਬਿਆਨ 'ਚ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਹਾਲਾਂਕਿ ਲੋਕ ਮਾਸਕ ਪਹਿਨਣ, ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਸਮੇਤ ਹੋਰ ਸਾਵਧਾਨੀ ਉਪਾਵਾਂ ਦਾ ਪਾਲਣ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਹਰ ਜ਼ਿਲ੍ਹੇ ਵਿਚ ਦਵਾਈਆਂ ਅਤੇ ਆਰ. ਟੀ-ਪੀ. ਸੀ. ਆਰ. ਜਾਂਚ ਦੀ ਸਹੂਲਤ ਹੈ। ਵੈਂਟੀਲੇਟਰ ਵੀ ਉੱਚਿਤ ਗਿਣਤੀ ਵਿਚ ਉਪਲੱਬਧ ਹਨ। ਵਿਜ ਮੁਤਾਬਕ ਅਸੀਂ ਕੋਰੋਨਾ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਅਮਰੀਕਾ, ਜਾਪਾਨ, ਕੋਰੀਆ, ਬ੍ਰਾਜ਼ੀਲ ਅਤੇ ਚੀਨ ਵਿਚ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣ ਕਾਰਨ ਭਾਰਤੀ ਅਧਿਕਾਰੀਆਂ ਦੀ ਚਿੰਤਾ ਵਧ ਗਈ ਹੈ।