ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ : ਅਨੁਰਾਗ ਠਾਕੁਰ

06/12/2022 4:12:45 PM

ਲਖਨਊ– ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਤਵਾਰ ਨੂੰ ਕਿਹਾ ਕਿ ਲੋਕਤੰਤਰ ’ਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਠਾਕੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਲੋਕਤੰਤਰ ’ਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਲੋਕਤੰਤਰ ਵਿਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਜਦੋਂ ਗੱਲਬਾਤ ਜ਼ਰੀਏ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ ਤਾਂ ਪੱਥਰਬਾਜ਼ੀ, ਅੱਗਜ਼ਨੀ ਲਈ ਕੋਈ ਥਾਂ ਨਹੀਂ ਹੈ। ਦਰਅਸਲ ਅਨੁਰਾਗ ਜੁੰਮੇ ਦੀ ਨਮਾਜ਼ ਤੋਂ ਬਾਅਦ ਭੜਕੀ ਹਿੰਸਾ ਦੇ ਸੰਦਰਭ ’ਚ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਚਾਹੇ ਨੇਤਾ ਹੋਵੇ ਜਾਂ ਕੋਈ ਸੰਗਠਨ, ਅੱਗ ’ਚ ਘਿਓ ਨਹੀਂ ਪਾਉਣਾ ਚਾਹੀਦਾ ਕਿਉਂਕਿ ਇਸ ਨਾਲ ਲੋਕਾਂ ਦੇ ਨਾਲ-ਨਾਲ ਸੂਬੇ ਨੂੰ ਵੀ ਨੁਕਸਾਨ ਹੁੰਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਇਸ ਨੂੰ ਬਣਾਈ ਰੱਖਣ ਲਈ ਉਨ੍ਹਾਂ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਪ੍ਰਾਪਤੀਆਂ ਗਿਣਾਉਂਦਿਆਂ ਠਾਕੁਰ ਨੇ ਕਿਹਾ ਕਿ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਨਾਲ ਭਾਰਤ ਦੁਨੀਆ 'ਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਤੋਂ ਪਹਿਲਾਂ ਸ੍ਰੀ ਠਾਕੁਰ ਨੇ ਇੱਥੇ ਕੇਡੀ ਸਿੰਘ ਬਾਬੂ ਸਟੇਡੀਅਮ ਵਿਚ ਸਫ਼ਾਈ ਪ੍ਰੋਗਰਾਮ ’ਚ ਹਿੱਸਾ ਲਿਆ ਅਤੇ ਇਲਾਕੇ ਦੀ ਸਫ਼ਾਈ ’ਚ ਯੋਗਦਾਨ ਪਾਇਆ। ਉਨ੍ਹਾਂ ਨੇ ਹਜ਼ਰਤਗੰਜ ਤੋਂ ਕੇਡੀ ਸਿੰਘ ਬਾਬੂ ਸਟੇਡੀਅਮ ਤੱਕ 'ਫਿੱਟ ਇੰਡੀਆ ਰਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਨੌਜਵਾਨਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਇਸ ’ਚ ਹਿੱਸਾ ਲਿਆ।

ਸਫ਼ਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਠਾਕੁਰ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਵੱਛਤਾ ਮੁਹਿੰਮ ਨੇ ਦੇਸ਼ ਵਿਚ ਬਹੁਤ ਤਬਦੀਲੀ ਲਿਆਂਦੀ ਹੈ ਅਤੇ ਲੋਕਾਂ ਦੀ ਮਾਨਸਿਕਤਾ ਨੂੰ ਬਦਲਿਆ ਹੈ। ਠਾਕੁਰ ਨੇ ਕਿਹਾ, “ਉਸ ਸਮੇਂ ਜਦੋਂ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ, ਸਾਨੂੰ ਭਾਰਤ ’ਚ ਖੇਡਾਂ ਅਤੇ ਤੰਦਰੁਸਤੀ ਦਾ ਸੱਭਿਆਚਾਰ ਵਿਕਸਿਤ ਕਰਨਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।


Tanu

Content Editor

Related News