ਸੰਸਦ ’ਚ ਸਰਕਾਰ ਨੇ ਮੁੜ ਦੁਹਰਾਇਆ, ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨਾਲ ਮੌਤ ਦੀ ਪੁਸ਼ਟੀ ਨਹੀਂ

Tuesday, Apr 05, 2022 - 03:58 PM (IST)

ਸੰਸਦ ’ਚ ਸਰਕਾਰ ਨੇ ਮੁੜ ਦੁਹਰਾਇਆ, ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਨਾਲ ਮੌਤ ਦੀ ਪੁਸ਼ਟੀ ਨਹੀਂ

ਨਵੀਂ ਦਿੱਲੀ (ਭਾਸ਼ਾ)– ਸਰਕਾਰ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਸੰਸਦ ’ਚ ਕਿਹਾ ਕਿ ਹੁਣ ਤੱਕ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਕੋਵਿਡ-19 (ਕੋਰੋਨਾ) ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਣ ਵਾਲੀ ਕਿਸੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਭਾਰਤੀ ਪ੍ਰਵੀਣ ਪਵਾਰ ਨੇ ਸਿਫਰਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ’ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ 4 ਅਪ੍ਰੈਲ 2022 ਦੀ ਸਥਿਤੀ ਮੁਤਾਬਕ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਕੋਵਿਡ-19 ਕਾਰਨ ਦੇਸ਼ ’ਚ ਕੁੱਲ 5,21,358 ਲੋਕਾਂ ਦੀ ਮੌਤ ਦੀ ਰਿਪੋਰਟ ਦਿੱਤੀ ਹੈ।

ਪਵਾਰ ਨੇ ਕਿਹਾ ਕਿ ਭਾਰਤ ਸਰਕਾਰ ਕੋਵਿਡ-19 ਦੇ ਸਬੰਧ ’ਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਲੋਂ ਨਿਯਮਿਤ ਭੇਜੀ ਜਾਣ ਵਾਲੀ ਰਿਪੋਰਟ ਦੇ ਆਧਾਰ ’ਤੇ ਕੁੱਲ ਮਾਮਲਿਆਂ ਅਤੇ ਇਸ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਰੱਖਦੀ ਹੈ। ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਲੋੜੀਂਦੇ ਵੇਰਵੇ ਭੇਜਣ ਲਈ ਬੇਨਤੀ ਕੀਤੀ ਹੈ ਅਤੇ 20 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜਵਾਬ ਦਿੱਤਾ ਹੈ। ਇਨ੍ਹਾਂ ਵਿਚੋਂ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਆਕਸੀਜਨ ਦੀ ਘਾਟ ਕਾਰਨ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ।

ਸਿਹਤ ਰਾਜ ਮੰਤਰੀ ਪਵਾਰ ਨੇ ਅੱਗੇ ਕਿਹਾ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਸਿਹਤ ਪ੍ਰਣਾਲੀ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ ਹੈ ਅਤੇ ਹੁਣ ਤਿੰਨ ਹਜ਼ਾਰ ਤੋਂ ਵੱਧ ਲੈਬਾਰਟਰੀਆਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਜਦਕਿ ਹਰ ਜ਼ਿਲ੍ਹੇ 'ਚ 'ਪੀ.ਐੱਸ.ਏ.' ਪਲਾਂਟ ਬਣਾਏ ਜਾ ਰਹੇ ਹਨ ਅਤੇ ਹੁਣ ਤੱਕ 4 ਹਜ਼ਾਰ ਤੋਂ ਵੱਧ ਅਜਿਹੇ ਪਲਾਂਟ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ 64,000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਭਵਿੱਖ ਨੂੰ ਦੇਖਦੇ ਹੋਏ 'ਬੀ.ਐੱਸ.ਐੱਲ.-3' ਲੈਬਾਰਟਰੀਆਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ।


author

Tanu

Content Editor

Related News