ਮਨੀਸ਼ ਸਿਸੋਦੀਆ ਜਾਂ ਸਤੇਂਦਰ ਜੈਨ ਨਹੀਂ, ਦੇਸ਼ ਦੀ ਤਰਸਯੋਗ ਸਥਿਤੀ ਨੂੰ ਲੈ ਕੇ ਚਿੰਤਤ ਹਾਂ : ਕੇਜਰੀਵਾਲ

Tuesday, Mar 07, 2023 - 03:52 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਹੋਲੀ 'ਤੇ ਦੇਸ਼ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਚੰਗਾ ਕੰਮ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਦੋਂ ਕਿ ਦੇਸ਼ ਨੂੰ ਲੁੱਟਣ ਵਾਲੇ ਬਚ ਕੇ ਨਿਕਲ ਰਹੇ ਹਨ। ਡਿਜੀਟਲ ਮਾਧਿਅਮ ਨਾਲ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ,''ਸਾਰੇ ਜਾਣਦੇ ਹਨ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਸੁਧਾਰਨ ਵਾਲੇ 2 ਲੋਕ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ- ਜੇਲ੍ਹ 'ਚ ਹਨ।'' ਮੁੱਖ ਮੰਤਰੀ ਨੇ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਲਈ ਚੰਗਾ ਕੰਮ ਕਰਨ ਵਾਲਿਆਂ ਨੂੰ ਜੇਲ੍ਹ 'ਚ ਸੁੱਟ ਦਿੱਤਾ ਹੈ, ਜਦੋਂ ਕਿ ਦੇਸ਼ ਨੂੰ ਲੁੱਟਣ ਵਾਲਿਆਂ ਨੂੰ ਗਲ਼ੇ ਲਗਾਇਆ ਜਾ ਰਿਹਾ ਹੈ।

 

ਉਨ੍ਹਾਂ ਕਿਹਾ,''ਹੋਲੀ 'ਤੇ ਮੈਂ ਦੇਸ਼ ਦੀ ਤਰਸਯੋਗ ਸਥਿਤੀ 'ਚ ਸੁਧਾਰ ਲਈ ਧਿਆਨ ਅਤੇ ਪ੍ਰਾਰਥਨਾ ਕਰਾਂਗਾ। ਜੇਕਰ ਤੁਹਾਨੂੰ ਵੀ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ ਹਨ ਤਾਂ ਤੁਸੀਂ ਵੀ ਹੋਲੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਦੇਸ਼ ਲਈ ਪ੍ਰਾਰਥਨਾ ਕਰੋ।'' ਕੇਜਰੀਵਾਲ ਨੇ ਕਿਹਾ,'ਮੈਂ ਸਿਸੋਦੀਆ ਅਤੇ ਜੈਨ ਦੇ ਜੇਲ੍ਹ 'ਚ ਹੋਣ ਨੂੰ ਲੈ ਕੇ ਚਿੰਤਤ ਨਹੀਂ ਹਾਂ। ਉਹ ਬਹਾਦਰ ਲੋਕ ਹਨ, ਜੋ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਨੂੰ ਤਿਆਰ ਹਨ ਪਰ ਦੇਸ਼ ਦੇ ਹਾਲਾਤ ਮੈਨੂੰ ਚਿੰਤਾ 'ਚ ਪਾਉਂਦੇ ਹਨ।'' ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇਸ ਸਾਲ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ 'ਚ ਬੇਨਿਯਮੀਆਂ ਨਾਲ ਜੁੜੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਸੋਮਵਾਰ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ। ਉੱਥੇ ਹੀ ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਪਿਛਲੇ ਸਾਲ ਮਈ 'ਚ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਅਤੇ ਜੈਨ ਨੇ ਹਾਲ ਹੀ 'ਚ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News