ਦੇਸ਼ 'ਚ ਅਚਾਨਕ ਮੌਤਾਂ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਵਾਤੀ ਮਾਲੀਵਾਲ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ
Saturday, Dec 10, 2022 - 04:43 PM (IST)
ਨਵੀਂ ਦਿੱਲੀ- ਦਿੱਲੀ ਮਹਿਲਾ ਕਮਿਸ਼ਨ ਨੇ ਦੇਸ਼ 'ਚ ਕਈ ਲੋਕਾਂ ਦੀ ਅਚਾਨਕ ਮੌਤ ਦੀਆਂ ਕਈ ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲਿਆ ਹੈ। ਕੁਝ ਸਮਾਂ ਪਹਿਲਾਂ ਲਖਨਊ 'ਚ ਇਕ ਵਿਆਹ ਸਮਾਗਮ ਦੌਰਾਨ ਇਕ ਲਾੜੀ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮੱਧ ਪ੍ਰਦੇਸ਼ 'ਚ ਇਕ 16 ਸਾਲਾ ਮੁੰਡੇ ਦੀ ਕ੍ਰਿਕਟ ਖੇਡਦੇ ਹੋਏ ਅਤੇ ਇਕ ਵਿਅਕਤੀ ਦੀ ਮੰਦਰ 'ਚ ਪਰਿਕਰਮਾ ਕਰਦੇ ਸਮੇਂ ਮੌਤ ਹੋ ਗਈ। ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਜਦੋਂ ਉਹ ਆਪਣੇ ਰੋਜ਼ਾਨਾ ਦੇ ਕੰਮ ਕਰ ਰਹੇ ਸਨ। ਇਸ ਤਰ੍ਹਾਂ ਦੀਆਂ ਕੁਝ ਘਟਨਾਵਾਂ ਕੈਮਰੇ 'ਚ ਕੈਦ ਹੋ ਗਈਆਂ ਹਨ ਅਤੇ ਇਨ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਮਾਮਲਿਆਂ ਨੇ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ ਅਤੇ ਵਿਆਪਕ ਤੌਰ 'ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਤਰ੍ਹਾਂ ਨਾਲ ਕੋਰੋਨਾ ਨਾਲ ਜੁੜੇ ਹੋਏ ਹਨ। ਕਮਿਸ਼ਨ ਨੇ ਅਚਾਨਕ ਹੋਈਆਂ ਮੌਤਾਂ ਦੇ ਇਨ੍ਹਾਂ ਮਾਮਲਿਆਂ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਸ ਮਾਮਲੇ 'ਚ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੂੰ ਵੀ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਰਾਹੀਂ ਕਮਿਸ਼ਨ ਨੇ ਇਨ੍ਹਾਂ ਮੌਤਾਂ ਦੀ ਜਾਂਚ ਲਈ ਸਬੰਧਤ ਵਿਭਾਗਾਂ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਦੇ ਵੇਰਵੇ ਮੰਗੇ ਹਨ। ਕਮਿਸ਼ਨ ਨੇ ਅਜਿਹੀਆਂ ਮੌਤਾਂ ਦੇ ਕਾਰਨਾਂ ਬਾਰੇ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਚੁੱਕੇ ਗਏ ਕਦਮਾਂ ਦੇ ਨਾਲ-ਨਾਲ ਲੋਕਾਂ ਨੂੰ ਕਿਹੜੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ, ਬਾਰੇ ਜਾਣਕਾਰੀ ਮੰਗੀ। ਕਮਿਸ਼ਨ ਨੇ ਲੋਕਾਂ ਦੀ ਸਿਹਤ 'ਤੇ ਕੋਰੋਨਾ ਵਾਇਰਸ ਦੇ ਲੰਬੇ ਸਮੇਂ ਦੇ ਪ੍ਰਭਾਵਾਂ ਦਾ ਅਧਿਐਨ ਕਰਨ ਲਈ ਸਰਕਾਰਾਂ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਵੀ ਪੁੱਛਿਆ ਹੈ। ਨਾਲ ਹੀ, ਕਮਿਸ਼ਨ ਨੇ ਇਹ ਯਕੀਨੀ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ ਕਿ ਅਜਿਹੀ ਕਿਸੇ ਵੀ ਮੌਤ ਦੀ ਕੇਂਦਰੀ ਫੋਰੈਂਸਿਕ ਅਤੇ ਬਾਇਓਮੈਡੀਕਲ ਟੀਮ ਦੁਆਰਾ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਇਸ ਦੇ ਕਾਰਨਾਂ ਦਾ ਸਹੀ ਢੰਗ ਨਾਲ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ ਤਨਮਯ, 5 ਦਿਨ ਬਾਅਦ ਬੋਰਵੈੱਲ 'ਚੋਂ ਕੱਢੀ ਗਈ ਲਾਸ਼
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ,“ਦੇਸ਼ 'ਚ ਅਚਾਨਕ ਮੌਤਾਂ ਦੀਆਂ ਕੁਝ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਨੂੰ ਦਰਸਾਉਂਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਨਿਯਮਿਤ ਕੰਮ ਕਰਦੇ ਹੋਏ ਅਚਾਨਕ ਮੌਕੇ 'ਤੇ ਹੀ ਦਮ ਤੋੜਦੇ ਦੇਖੇ ਜਾ ਸਕਦੇ ਹਨ। ਅਜਿਹੀਆਂ ਮੌਤਾਂ ਦੇ ਕਾਰਨਾਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਇਹ ਪਤਾ ਲਗਾਉਣਾ ਹੋਵੇਗਾ ਕਿ ਕੀ ਇਹ ਮਾਮਲੇ ਕਿਸੇ ਵੀ ਤਰ੍ਹਾਂ ਨਾਲ ਕੋਰੋਨਾ ਨਾਲ ਜੁੜੇ ਹੋਏ ਹਨ। ਸਰਕਾਰ ਨੂੰ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਉਣੀ ਚਾਹੀਦੀ ਹੈ ਅਤੇ ਸਰਕਾਰ ਦੁਆਰਾ ਲੋਕਾਂ ਨੂੰ ਉਨ੍ਹਾਂ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ