ਕਿਸਾਨ ਅੰਦੋਲਨ ਹੋਇਆ ਹੋਰ ਤੇਜ਼, ਕਿਸਾਨਾਂ ਵਲੋਂ ਦਿੱਲੀ ਦੇ 5 ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਫ਼ੈਸਲਾ
Sunday, Nov 29, 2020 - 06:27 PM (IST)
ਨਵੀਂ ਦਿੱਲੀ— ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਬਾਰਡਰਾਂ 'ਤੇ ਡਟੇ ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਵਉੱਚ ਸਿਆਸੀ ਪੱਧਰ 'ਤੇ ਗੱਲਬਾਤ ਦੀ ਮੰਗ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਸਾਰੇ 5 ਕੌਮੀ ਮਾਰਗਾਂ 'ਤੇ ਵਿਰੋਧ ਪ੍ਰਦਰਸ਼ਨ ਤੇਜ਼ ਕਰਨ ਦੀ ਗੱਲ ਆਖੀ ਹੈ। ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਪ੍ਰਸਤਾਵ ਨੂੰ ਅੱਜ ਠੁਕਰਾ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ 'ਚ ਸਾਰੇ ਕਿਸਾਨਾਂ ਨੂੰ ਇਕੱਠਾ ਹੋਣ ਤੋਂ ਬਾਅਦ ਗੱਲਬਾਤ ਸ਼ੁਰੂ ਕਰਨ ਦੀ ਗੱਲ ਆਖੀ ਸੀ।
ਬਸ ਇੰਨਾ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਬੁਰਾੜੀ ਪਹੁੰਚੇ ਕਿਸਾਨ ਵੀ ਵਾਪਸ ਸਿੰਘੂ ਬਾਰਡਰ 'ਤੇ ਪਰਤਣਗੇ। ਕਿਸਾਨਾਂ ਨੇ ਕਿਹਾ ਹੈ ਕਿ ਟਿਕਰੀ ਬਾਰਡਰ ਅਤੇ ਸਿੰਘੂ ਬਾਰਡਰ ਤਾਂ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿਚ ਹਾਪੁੜ, ਆਗਰਾ ਅਤੇ ਜੈਪੁਰ ਰੋਡ ਨੂੰ ਵੀ ਸੀਲ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਏ ਹਜ਼ਾਰਾਂ ਕਿਸਾਨ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।