''ਪੁਲਵਾਮਾ ਹਮਲੇ ਅਤੇ ਏਅਰ ਸਟ੍ਰਾਈਕ ''ਤੇ ਸਿਆਸਤ ਕਰਨ ਦੀ ਥਾਂ ਵਿਰੋਧੀ ਹੋਰ ਮੁੱਦੇ ਚੁੱਕਣ''
Wednesday, Mar 06, 2019 - 05:24 PM (IST)

ਸ਼੍ਰੀਨਗਰ (ਵਾਰਤਾ)—ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵਿਰੋਧੀ ਪਾਰਟੀਆਂ ਨੂੰ ਸਲਾਹ ਦਿੱਤੀ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਅਤੇ ਬਾਲਾਕੋਟ ਏਅਰ ਸਟ੍ਰਾਈਕ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਹੋਰ ਮਸਲਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਸ ਨੂੰ ਸਿਆਸੀ ਰੂਪ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਉਮਰ ਨੇ ਇਕ ਟਵੀਟ ਕਰ ਕੇ ਕਿਹਾ, ''ਵਿਰੋਧੀ ਪਾਰਟੀਆਂ ਨੂੰ ਆਪਣੀ ਰਣਨੀਤੀ ਬਦਲਣ, ਪੇਂਡੂ ਲੋਕਾਂ ਦੀਆਂ ਮੁਸ਼ਕਲਾਂ, ਬੇਰੋਜ਼ਗਾਰੀ, ਖੇਤੀ ਅਤੇ ਹੋਰ ਮੁੱਦਿਆਂ 'ਤੇ ਚਰਚਾ ਕਰਨੀ ਚਾਹੀਦੀ ਹੈ, ਜਿਸ 'ਤੇ ਭਾਜਪਾ ਚਰਚਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਹਰ ਸਮੇਂ ਪੁਲਵਾਮਾ ਅਤੇ ਬਾਲਾਕੋਟ 'ਤੇ ਗੱਲ ਕਰਦੇ ਹਾਂ ਤਾਂ ਅਸੀਂ ਪ੍ਰਧਾਨ ਮੰਤਰੀ ਅਤੇ ਭਾਜਪਾ ਨੂੰ ਇਨ੍ਹਾਂ 'ਤੇ ਰਾਜਨੀਤੀ ਕਰਨ ਦਾ ਮੌਕਾ ਦਿੰਦੇ ਹਾਂ।
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ 14 ਫਰਵਰੀ ਨੂੰ ਅੱਤਵਾਦੀ ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ 26 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਅੱਤਵਾਦੀ ਕੈਂਪਾਂ 'ਤੇ ਹਵਾਈ ਹਮਲਾ ਕੀਤਾ ਸੀ।