ਧਰਮਸੋਤ ਦੀ ਗ੍ਰਿਫ਼ਤਾਰੀ 'ਤੇ ਬੋਲੇ ਰਾਘਵ ਚੱਢਾ, ਸਿਰਫ਼ ‘ਆਪ’ ਹੀ ਲੈ ਸਕਦੀ ਹੈ ਅਜਿਹਾ ਫ਼ੈਸਲਾ
Tuesday, Jun 07, 2022 - 03:58 PM (IST)
ਨਵੀਂ ਦਿੱਲੀ– ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਕਿਹਾ ਕਿ ਅਜਿਹਾ ਫੈਸਲਾ ਸਿਰਫ 'ਆਪ' ਹੀ ਲੈ ਸਕਦੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅੱਜ ਦੀ ਗ੍ਰਿਫਤਾਰੀ ਇਸ ਗੱਲ ਦਾ ਸਬੂਤ ਹੈ ਕਿ ਤਾਕਤਵਰਾਂ ਨੂੰ ਨਿਆਂ ਦੇ ਕਟਹਿਰੇ ’ਚ ਖੜ੍ਹਾ ਕਰਨ ਦੀ ਸਿਆਸੀ ਇੱਛਾ ਸ਼ਕਤੀ ਸਿਰਫ ‘ਆਪ’ ਕੋਲ ਹੈ। ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟੋਲਰੈਂਸ ਹਨ, ਚਾਹੇ ਉਹ ਉਨ੍ਹਾਂ ਦੇ ਆਪਣੇ ਮੰਤਰੀ ਹੋਣ ਜਾਂ ਸਾਬਕਾ ਮੰਤਰੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਤੜਕੇ ਸਵੇਰੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ 'ਤੇ ਘਪਲੇ ਦੇ ਇਲਜ਼ਾਮ ਲੱਗੇ ਸਨ ਅਤੇ ਮੰਤਰੀ ਦੀ ਮਿਲੀ-ਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ 'ਤੇ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਓਰੋ ਥਾਣਾ ਮੋਹਾਲੀ ਵਿਖੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਸੰਬਧ 'ਚ ਸਾਬਕਾ ਕੈਬਨਿਟ ਮੰਤਰੀ ਧਰਮਸੋਤ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।