ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਲਈ ਵਿਰੋਧੀ ਧਿਰ ਨੇ ਕੱਢਿਆ ਮਾਰਚ
Tuesday, Dec 21, 2021 - 03:15 PM (IST)
ਨਵੀਂ ਦਿੱਲੀ (ਵਾਰਤਾ)- ਕਾਂਗਰਸ, ਦਰਮੁਕ, ਸ਼ਿਵ ਸੈਨਾ ਸਮੇਤ ਮੁੱਖ ਵਿਰੋਧੀ ਦਲ ਦੇ ਨੇਤਾਵਾਂ ਨੇ ਲਖੀਮਪੁਰ ਖੀਰੀ ਮਾਮਲੇ 'ਚ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕਰਨ ਅਤੇ ਰਾਜ ਸਭਾ ਦੇ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਯਾਨੀ ਮੰਗਲਵਾਰ ਨੂੰ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਮਾਰਚ ਕੀਤਾ। ਵਿਰੋਧੀ ਧਿਰ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਸੰਸਦ ਭਵਨ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਤੋਂ ਵਿਜੇ ਚੌਕ ਤੱਕ ਮਾਰਚ ਕੱਢਿਆ। ਇਨ੍ਹਾਂ ਦਲਾਂ ਦੇ ਨੇਤਾਵਾਂ ਨੇ ਪਿਛਲੇ ਹਫ਼ਤੇ ਵੀ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਮਾਰਚ ਕੱਢਿਆ ਸੀ। ਮੁਅੱਤਲ ਮੈਂਬਰ ਸਰਦ ਰੁੱਤ ਸੈਸ਼ਨ ਦੇ ਸ਼ੁਰੂ 'ਚ ਮੁਅੱਤਲ ਕੀਤੇ ਜਾਣ ਦੇ ਬਾਅਦ ਤੋਂ ਹੀ ਸੰਸਦ ਭਵਨ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨਾ ਦੇ ਰਹੇ ਹਨ।
ਇਹ ਵੀ ਪੜ੍ਹੋ : ਸਰਕਾਰ ਨੂੰ ਗੋਬਰ ਵੇਚ ਕੇ ਮਾਲਾਮਾਲ ਹੋ ਰਹੇ ਹਨ ਛੱਤੀਸਗੜ੍ਹ ਦੇ ਕਿਸਾਨ
ਕਾਂਗਰਸ ਨੇਤਾਵਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਕਤਲਕਾਂਡ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਦੀ ਉਨ੍ਹਾਂ ਦੀ ਮੰਗ ਜਾਰੀ ਹੈ। ਵਿਰੋਧੀ ਧਿਰ ਦੇ ਮਾਰਚ ਦੀ ਅਗਵਾਈ ਕਰ ਰਹੀ ਕਾਂਗਰਸ ਦਾ ਕਹਿਣਾ ਹੈ,''ਸਾਡੀ ਮੰਗ ਸਪੱਸ਼ਟ ਹੈ, ਪ੍ਰਧਾਨ ਮੰਤਰੀ ਨੂੰ ਆਪਣੇ ਪ੍ਰਿਯ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਨਾ ਹੀ ਹੋਵੇਗਾ।'' ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਵੇਰੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਕਮਰੇ 'ਚ ਬੈਠਕ ਕੀਤੀ, ਜਿਸ 'ਚ ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ, ਲਖੀਮਪੁਰ ਖੀਰੀ ਮੁੱਦੇ 'ਤੇ ਗ੍ਰਹਿ ਰਾਜ ਮੰਤਰੀ ਦੇ ਅਸਤੀਫ਼ੇ ਦੀ ਮੰਗ ਅਤੇ ਬਾਕੀ ਸੈਸ਼ਨ ਲਈ ਦੋਹਾਂ ਸਦਨਾਂ 'ਚ ਕੰਮਕਾਜ ਦੇ ਸੰਚਾਲਨ 'ਤੇ ਕੀਤੀ ਰਾਜਨੀਤੀ 'ਤੇ ਵਿਚਾਰ ਕੀਤਾ ਗਿਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ