ਆਮ ਬਜਟ ''ਚ ਸੂਬਿਆਂ ਦੀ ਅਣਦੇਖੀ ਦਾ ਦੋਸ਼ ਲਗਾਉਂਦੇ ਹੋਏ ਵਿਰੋਧੀ ਧਿਰ ਨੇ ਰਾਜ ਸਭਾ ਤੋਂ ਕੀਤਾ ਵਾਕਆਊਟ

Wednesday, Jul 24, 2024 - 01:07 PM (IST)

ਨਵੀਂ ਦਿੱਲੀ (ਭਾਸ਼ਾ)- ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਆਮ ਬਜਟ 2024-25 'ਚ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਛੱਡ ਕੇ ਬਾਕੀ ਸੂਬਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਬੁੱਧਵਾਰ ਨੂੰ ਰਾਜ ਸਭਾ 'ਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਜਟ ਭਾਸ਼ਣ 'ਚ ਸੂਬਿਆਂ ਦਾ ਨਾਂ ਨਾ ਲੈਣ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਪਰਲੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬਜਟ ਦਾ ਹਵਾਲਾ ਦਿੰਦੇ ਹੋਏ ਕਿਹਾ,''ਇਸ 'ਚ ਕਿਸੇ ਵੀ ਸੂਬੇ ਨੂੰ ਕੁਝ ਨਹੀਂ ਮਿਲਿਆ। ਸਾਰਿਆਂ ਦੀ ਪਲੇਟ ਖਾਲੀ ਹੈ ਅਤੇ ਦੋ ਦੀ ਥਾਲੀ 'ਚ ਪਕੌੜੇ ਅਤੇ ਜਲੇਬੀ।'' ਉਨ੍ਹਾਂ ਦਾਅਵਾ ਕੀਤਾ ਕਿ ਤਾਮਿਲਨਾਡੂ, ਕੇਰਲ, ਕਰਨਾਟਕ, ਮਹਾਰਾਸ਼ਟਰ, ਪੰਜਾਬ, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਦਿੱਲੀ ਅਤੇ ਓਡੀਸ਼ਾ ਸਮੇਤ ਕਈ ਸੂਬਿਆਂ ਨੂੰ ਬਜਟ 'ਚ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ,''ਮੈਂ ਅਜਿਹਾ ਬਜਟ ਕਦੇ ਨਹੀਂ ਦੇਖਿਆ। ਇਹ ਸਭ ਕੁਝ ਕਿਸੇ ਨੂੰ ਖੁਸ਼ ਕਰਨ ਲਈ... ਕੁਰਸੀ ਬਚਾਉਣ ਲਈ ਹੋਇਆ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ 'ਇੰਡੀਆ' ਗਠਜੋੜ ਪਾਰਟੀਆਂ ਇਸ ਦੀ ਨਿੰਦਾ ਕਰਦੀਆਂ ਹਨ।''

ਖੜਗੇ ਨੇ ਦੋਸ਼ ਲਾਇਆ ਕਿ ਜਿਨ੍ਹਾਂ ਖੇਤਰਾਂ 'ਚ ਵਿਰੋਧੀ ਪਾਰਟੀ ਚੁਣੀ ਗਈ ਹੈ ਜਾਂ ਜਿੱਥੇ ਜਨਤਾ ਨੇ ਸੱਤਾਧਾਰੀ ਪਾਰਟੀ ਨੂੰ ਨਕਾਰ ਦਿੱਤਾ ਹੈ, ਉਨ੍ਹਾਂ ਨੂੰ ਬਜਟ 'ਚ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਬਜਟ 'ਚ ਸੰਤੁਲਨ ਨਹੀਂ ਹੋਵੇਗਾ ਤਾਂ ਵਿਕਾਸ ਕਿਵੇਂ ਹੋਵੇਗਾ? ਇਸ ਮਗਰੋਂ ਕਾਂਗਰਸ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਖੜਗੇ ਦੇ ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਬਜਟ ਭਾਸ਼ਣ 'ਚ ਹਰ ਸੂਬੇ ਦਾ ਨਾਮ ਲੈਣਾ ਅਕਸਰ ਸੰਭਵ ਨਹੀਂ ਹੁੰਦਾ ਪਰ ਇਹ ਕਹਿਣਾ ਗਲਤ ਹੈ ਕਿ ਸੂਬਿਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਸੀਤਾਰਮਨ ਨੇ ਕਿਹਾ ਕਿ ਉਨ੍ਹਾਂ ਨੇ ਬਜਟ ਪੇਸ਼ ਕਰਦੇ ਸਮੇਂ ਮਹਾਰਾਸ਼ਟਰ ਦਾ ਨਾਂ ਨਹੀਂ ਲਿਆ ਪਰ ਹਾਲ ਹੀ 'ਚ ਕੇਂਦਰੀ ਮੰਤਰੀ ਮੰਡਲ ਨੇ 76,000 ਕਰੋੜ ਰੁਪਏ ਦੇ ਵਧਾਵਨ ਬੰਦਰਗਾਹ ਪ੍ਰਾਜੈਕਟ (ਮਹਾਰਾਸ਼ਟਰ) ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ ਤਾਂ ਕੀ ਸਾਰੇ ਸੂਬਿਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਨਹੀਂ ਮਿਲੇਗਾ? ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਦੋਸ਼ ਲਾਇਆ ਕਿ ਉਹ ਅਜਿਹਾ ਬਿਰਤਾਂਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਬਜਟ 'ਚ ਸੂਬਿਆਂ ਨੂੰ ਕੁਝ ਨਹੀਂ ਦਿੱਤਾ ਗਿਆ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News