ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ
Tuesday, Aug 03, 2021 - 04:25 PM (IST)

ਨਵੀਂ ਦਿੱਲੀ- ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਪਿਛਲੇ ਸਾਲ ਮਾਰਚ ਮਹੀਨੇ ਤੋਂ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਮੁਅੱਤਲ ਕਰ ਦਿੱਤੀ ਗਈ ਹੈ। ਇਸ ਸਾਲ, ਪਾਕਿਸਤਾਨ ਨੇ ਇੱਥੇ ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਭਾਰਤ ਤੋਂ ਹਰ ਤਰ੍ਹਾਂ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ। ਕਰਤਾਰਪੁਰ ਲਾਂਘਾ ਸਮਝੌਤੇ 'ਤੇ ਪਾਕਿਸਤਾਨ ਨਾਲ 24 ਅਕਤੂਬਰ, 2019 ਨੂੰ ਦਸਤਖਤ ਹੋਏ ਸਨ।
ਇਸ ਸਮਝੌਤੇ ਦੇ ਤਹਿਤ ਭਾਰਤ ਤੋ ਲੋਕ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਵੀਜ਼ਾ-ਮੁਕਤ ਯਾਤਰਾ ਕਰ ਸਕਦੇ ਹਨ। ਕਰਤਾਰਪੁਰ ਸਾਹਿਬ ਸਿੱਖ ਧਰਮ ਦੇ ਪਵਿੱਤਰ ਸਥਾਨਾਂ ਵਿੱਚੋਂ ਇਕ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਆਵਾਜਾਈ ਕੋਰੋਨਾ ਮਹਾਮਾਰੀ ਦੇ ਕਾਰਨ ਮੁਅੱਤਲ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਭਾਰਤ ਵਿੱਚ ਕੋਵਿਡ ਦੇ ਮਾਮਲਿਆਂ ਵਿਚ ਵਾਧੇ ਦੇ ਬਾਅਦ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਅਤੇ ਸੰਚਾਲਨ ਕੇਂਦਰ (ਐਨ.ਸੀ.ਓ.ਸੀ) ਨੇ ਭਾਰਤ ਤੋਂ ਹਰ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ।