ਪੰਚਕੂਲਾ ’ਚ ਕਿਸਾਨਾਂ ’ਤੇ ਹੋਇਆ ਲਾਠੀਚਾਰਜ, ਹਾਲਾਤ ਬਣੇ ਤਣਾਅਪੂਰਨ
Saturday, Jun 05, 2021 - 01:36 PM (IST)
ਪੰਚਕੂਲਾ— ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਪੰਜਾਬ, ਹਰਿਆਣਾ ’ਚ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਚਕੂਲਾ ’ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲਸ ਨੇ ਲਾਠੀਚਾਰਜ ਕੀਤਾ। ਦਰਅਸਲ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ ਸਨ। ਪੁਲਸ ਨੇ ਕਿਸਾਨਾਂ ਨੂੰ ਰੋਕਿਆ ਪਰ ਕਿਸਾਨਾਂ ਨੇ ਬੈਰੀਕੇਡਜ਼ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦਰਮਿਆਨ ਕਿਸਾਨਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਕਿਸਾਨਾਂ ਨੂੰ ਰੋਕਣ ਲਈ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ, ਜਿਸ ਕਾਰਨ ਹਾਲਾਤ ਤਣਾਅਪੂਰਨ ਬਣੇ ਹੋਏ ਹਨ।
ਜ਼ਿਕਰਯੋਗ ਹੈ ਕਿ ਕਿਸਾਨ ਅੱਜ ਸੰਪੂਰਨ ਕ੍ਰਾਂਤੀ ਦਿਵਸ ਮਨਾ ਰਹੇ ਹਨ। 5 ਜੂਨ 2020 ਨੂੰ ਖੇਤੀ ਆਰਡੀਨੈਂਸ ਲਿਆਂਦਾ ਗਿਆ ਸੀ, ਜਿਸ ਨੂੰ ਇਕ ਸਾਲ ਹੋ ਗਿਆ ਹੈ। ਅੱਜ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਜਤਾ ਰਹੇ ਹਨ। ਪੰਚਕੂਲਾ ’ਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਅਤੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।