ਪੰਡਿਤ ਨਹਿਰੂ ਦੀ 55ਵੀਂ ਬਰਸੀ ਮੌਕੇ ਮੋਦੀ ਸਮੇਤ ਕਾਂਗਰਸੀ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
Monday, May 27, 2019 - 10:21 AM (IST)

ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਪੰਡਿਤ ਨਹਿਰੂ ਦੀ ਅੱਜ 55ਵੀਂ ਬਰਸੀ ਹੈ।
ਮੋਦੀ ਨੇ ਟਵੀਟ ਕਰ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ, ''ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ। ਅਸੀਂ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।''
ਮੋਦੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਕਾਂਗਰਸੀ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਾਂਗਰਸ ਪ੍ਰਧਾਨ ਅਤੇ ਹੋਰ ਕਾਂਗਰਸੀ ਨੇਤਾ ਅੱਜ ਸਵੇਰੇ ਪੰਡਿਤ ਨਹਿਰੂ ਦੀ ਸ਼ਾਂਤੀ ਵਨ ਸਥਿਤ ਸਮਾਧੀ 'ਤੇ ਵੀ ਗਏ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕਰ ਕੇ ਯਾਦ ਕੀਤਾ।