ਕਿਸਾਨ ਅੰਦੋਲਨ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ PM ਮੋਦੀ ਨੇ ਕੀਤਾ ਫੋਨ, ਦਿੱਤੀ ਜਨਮਦਿਨ ਦੀ ਵਧਾਈ

12/08/2020 2:48:22 PM

ਨਵੀਂ ਦਿੱਲੀ— ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ ਜਨਮ ਦਿਨ ਹੈ। ਸ. ਬਾਦਲ 93ਵੇਂ ਸਾਲ ਦੇ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬਾਦਲ ਨੂੰ ਫੋਨ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਗੱਲਬਾਤ ਦਾ ਹੋਰ ਵੇਰਵਾ ਸਾਂਝਾ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਚੰਗੀ ਸਿਹਤ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)

PunjabKesari

ਦੱਸ ਦੇਈਏ ਕਿ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਫੀ ਸਨਮਾਨ ਦਿੰਦੇ ਹਨ। ਕਈ ਵਾਰ ਵੇਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਜਦੋਂ ਵੀ ਜਿੱਥੇ ਵੀ ਸ. ਬਾਦਲ ਨੂੰ ਮਿਲਦੇ ਹਨ, ਉਹ ਉਨ੍ਹਾਂ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਜ਼ਰੂਰ ਲੈਂਦੇ ਹਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)

PunjabKesari

ਦੱਸਣਯੋਗ ਹੈ ਕਿ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਭਾਰਤ ਬੰਦ ਦੀ ਕਾਲ ਦਿੱਤੀ ਹੈ। ਕਾਂਗਰਸ ਸਮੇਤ ਕਰੀਬ 24 ਸਿਆਸੀ ਦਲ ਭਾਰਤ ਬੰਦ ਨੂੰ ਆਪਣਾ ਸਮਰਥਨ ਦੇ ਰਹੇ ਹਨ। ਭਾਰਤ ਬੰਦ ਦਾ ਅਸਰ ਵੱਖ-ਵੱਖ ਸੂਬਿਆਂ 'ਚ ਵੇਖਣ ਨੂੰ ਮਿਲ ਰਿਹਾ ਹੈ। ਸ. ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਨਵੇਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ। ਪਿਛਲੇ ਦਿਨੀਂ ਸ. ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਦਮ ਵਿਭੂਸ਼ਣ ਵਾਪਸ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਦੀਆਂ ਕਈ ਖੇਡ ਸ਼ਖਸੀਅਤਾਂ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ।  

ਇਹ ਵੀ ਪੜ੍ਹੋ: ਭਾਰਤ ਬੰਦ ਦਾ ਅਸਰ, ਕਈ ਥਾਵਾਂ 'ਤੇ ਰੋਕੀਆਂ ਗਈਆਂ ਰੇਲਾਂ

PunjabKesari

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਪਿਛਲੇ 13 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਵਿਵਸਥਾ ਖ਼ਤਮ ਹੋ ਜਾਵੇਗੀ, ਜਿਸ ਨਾਲ ਉਹ ਕਾਰਪੋਰੇਟ ਘਰਾਣਿਆਂ ਦੀ ਰਹਿਮ 'ਤੇ ਰਹਿ ਜਾਣਗੇ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


Tanu

Content Editor

Related News