ਭਾਰਤ ਨੇ ਪਾਕਿ ਤੋਂ ਪੁੱਛਿਆ- 'ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਜ਼ਰੂਰੀ ਹੈ ਜਾਂ ਨਹੀਂ'

11/06/2019 6:18:36 PM

ਨਵੀਂ ਦਿੱਲੀ (ਭਾਸ਼ਾ)— ਭਾਰਤ ਨੇ ਪਾਕਿਸਤਾਨ ਨੂੰ ਸਪੱਸ਼ਟ ਕਰਨ ਨੂੰ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ ਜਾਂ ਨਹੀਂ। ਸੂਤਰਾਂ ਨੇ ਬੁੱਧਵਾਰ ਨੂੰ ਇਸ ਬਾਰੇ ਦੱਸਿਆ। ਦਰਅਸਲ ਬੀਤੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ ਪਰ ਸਮਝੌਤੇ ਮੁਤਾਬਕ ਪਾਸਪੋਰਟ ਦੀ ਜ਼ਰੂਰਤ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਜੇਕਰ ਕੋਈ ਬਦਲਾਅ ਹੁੰਦਾ ਹੈ ਤਾਂ ਸਮਝੌਤੇ 'ਚ ਸੋਧ ਕਰਨੀ ਪਵੇਗੀ। 

ਇਕ ਸੂਤਰ ਨੇ ਦੱਸਿਆ ਕਿ ਸਾਡੀ ਸੁਰੱਖਿਆ ਏਜੰਸੀਆਂ ਚੌਕਸ ਰਹਿਣਗੀਆਂ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਨੇ ਖਾਸ ਲੋਕਾਂ ਲਈ ਇੰਤਜ਼ਾਮਾਂ ਅਤੇ ਜ਼ਰੂਰੀ ਚੀਜ਼ਾਂ ਬਾਰੇ ਜਾਣੂ ਕਰਾਉਣ ਲਈ ਟੀਮ ਭੇਜਣ ਦੀ ਭਾਰਤ ਦੀ ਅਪੀਲ 'ਤੇ ਅਜੇ ਤਕ ਕੋਈ ਜਵਾਬ ਨਹੀਂ ਦਿੱਤਾ ਹੈ। ਸੂਤਰ ਨੇ ਦੱਸਿਆ ਕਿ ਪਾਕਿਸਤਾਨ ਤੋਂ ਉੱਚ ਪੱਧਰੀ ਸ਼ਖਸੀਅਤਾਂ ਲਈ ਇੰਤਜ਼ਾਮ ਕਰਨ ਬਾਰੇ ਕਿਹਾ ਗਿਆ ਹੈ। 

ਇੱਥੇ ਦੱਸ ਦੇਈਏ ਕਿ ਕਰਤਾਰਪੁਰ ਲਾਂਘਾ ਭਾਰਤ ਦੇ ਪੰਜਾਬ 'ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਰੋਵਾਲ ਜ਼ਿਲੇ ਵਿਚ ਸਥਿਤ ਕਰਤਾਰਪੁਰ 'ਚ ਦਰਬਾਰ ਸਾਹਿਬ ਨਾਲ ਜੋੜੇਗਾ। ਦਰਬਾਰ ਸਾਹਿਬ ਕੌਮਾਂਤਰੀ ਸਰਹੱਦ ਤੋਂ ਮਹਿਜ 4 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਇਹ ਲਾਂਘਾ 9 ਨਵੰਬਰ 2019 ਨੂੰ ਖੁੱਲ੍ਹੇਗਾ, ਜਿਸ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਇਹ ਗੱਲ ਆਖੀ ਸੀ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ।


Tanu

Content Editor

Related News