ਨਿਤੀਸ਼ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਰਾਖਵੇਂਕਰਨ ਦਾ ਦਾਇਰਾ ਵਧਾਉਣ ਦਾ ਫ਼ੈਸਲਾ ਕੀਤਾ ਰੱਦ
Thursday, Jun 20, 2024 - 12:56 PM (IST)
ਪਟਨਾ- ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਪਟਨਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪਟਨਾ ਹਾਈ ਕੋਰਟ ਨੇ ਰਾਖਵੇਂਕਰਨ ਦਾ ਦਾਇਰਾ 50 ਫੀਸਦੀ ਤੋਂ ਵਧਾ ਕੇ 65 ਫੀਸਦੀ ਕਰਨ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਇਹ ਫ਼ੈਸਲਾ ਸੂਬਾ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਨੌਕਰੀਆਂ ਵਿਚ ਐੱਸ. ਸੀ., ਐੱਸ.ਟੀ., ਈ. ਬੀ. ਸੀ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਲਈ 65 ਫ਼ੀਸਦੀ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਦਿੱਤਾ। ਅਦਾਲਤ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਪੀਣ ਨਾਲ 34 ਲੋਕਾਂ ਦੀ ਮੌਤ, 100 ਤੋਂ ਵੱਧ ਹਸਪਤਾਲ 'ਚ ਦਾਖ਼ਲ
ਦਰਅਸਲ ਪਟੀਸ਼ਨਕਰਤਾ ਗੌਰਵ ਕੁਮਾਰ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ 11 ਮਾਰਚ ਨੂੰ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਜਿਸ 'ਤੇ ਅੱਜ ਯਾਨੀ ਕਿ ਵੀਰਵਾਰ ਨੂੰ ਪਟਨਾ ਹਾਈ ਕੋਰਟ ਨੇ ਫ਼ੈਸਲਾ ਸੁਣਾਇਆ। ਚੀਫ਼ ਜਸਟਿਸ ਕੇ. ਵਿਨੋਦ ਚੰਦਰਨ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਕਈ ਪਟੀਸ਼ਨਾਂ ਦੀ ਸੁਣਵਾਈ ਤੋਂ ਬਾਅਦ ਇਹ ਹੁਕਮ ਦਿੱਤਾ ਹੈ। ਇਨ੍ਹਾਂ ਪਟੀਸ਼ਨਾਂ ਵਿੱਚ ਰਾਜ ਦੀ ਨਿਤੀਸ਼ ਕੁਮਾਰ ਸਰਕਾਰ ਵੱਲੋਂ ਨਵੰਬਰ 2023 ਵਿਚ ਲਿਆਂਦੇ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ। ਦੱਸ ਦੇਈਏ ਕਿ ਪਿਛਲੇ ਸਾਲ 21 ਨਵੰਬਰ ਨੂੰ ਨਿਤੀਸ਼ ਕੁਮਾਰ ਸਰਕਾਰ ਨੇ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਅਦਾਰਿਆਂ ਵਿਚ ਵਾਂਝੀਆਂ ਜਾਤੀਆਂ ਲਈ ਰਾਖਵਾਂਕਰਨ 50 ਤੋਂ ਵਧਾ ਕੇ 65 ਫੀਸਦੀ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਫਿਲਹਾਲ ਦੇਸ਼ ਵਿਚ 49.5 ਫ਼ੀਸਦੀ ਰਾਖਵਾਂਕਰਨ ਹੈ। ਓ. ਬੀ. ਸੀ. ਨੂੰ 27 ਫ਼ੀਸਦੀ, ਐੱਸ. ਸੀ. ਨੂੰ 15 ਫ਼ੀਸਦੀ ਅਤੇ ਐੱਸ. ਟੀ. ਨੂੰ 7.5 ਫ਼ੀਸਦੀ ਰਾਖਵਾਂਕਰਨ ਮਿਲਦਾ ਹੈ।
ਇਹ ਵੀ ਪੜ੍ਹੋ- ਹਵਾ ਪ੍ਰਦੂਸ਼ਣ ਕਾਰਨ ਦੁਨੀਆ ਭਰ 'ਚ 81 ਲੱਖ ਲੋਕਾਂ ਨੇ ਗੁਆਈ ਜਾਨ, ਹੈਰਾਨ ਕਰ ਦੇਵੇਗਾ ਭਾਰਤ ਦਾ ਅੰਕੜਾ
ਇਸ ਤੋਂ ਇਲਾਵਾ ਆਰਥਿਕ ਤੌਰ 'ਤੇ ਪੱਛੜੇ ਆਮ ਵਰਗ ਦੇ ਲੋਕਾਂ ਨੂੰ ਵੀ 10 ਫ਼ੀਸਦੀ ਰਾਖਵਾਂਕਰਨ ਮਿਲਦਾ ਹੈ। ਇਸ ਹਿਸਾਬ ਨਾਲ ਰਾਖਵਾਂਕਰਨ ਦਾ ਦਾਇਰਾ 50 ਫ਼ੀਸਦੀ ਤੋਂ ਪਾਰ ਜਾ ਚੁੱਕਿਆ ਹੈ। ਹਾਲਾਂਕਿ ਸਾਲ 2022 ਵਿਚ ਸੁਪਰੀਮ ਕੋਰਟ ਨੇ ਆਰਥਿਕ ਤੌਰ 'ਤੇ ਪੱਛੜੇ ਵਰਗ ਦੇ ਲੋਕਾਂ ਨੂੰ ਰਾਖਵਾਂਕਰਨ ਦੇਣ ਨੂੰ ਸਹੀ ਠਹਿਰਾਇਆ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਕੋਟਾ ਸੰਵਿਧਾਨ ਦੇ ਮੂਲ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ ਹੈ। ਬਿਹਾਰ ਵਿਚ ਰਾਖਵਾਂਕਰਨ ਦਾ ਦਾਇਰਾ 50 ਫ਼ੀਸਦੀ ਹੀ ਸੀ ਪਰ ਸੂਬਾ ਸਰਕਾਰ ਨੇ ਇਸ ਨੂੰ 65 ਫ਼ੀਸਦੀ ਤੱਕ ਵਧਾਉਣ ਦਾ ਫ਼ੈਸਲਾ ਲਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e