ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸੀਆਂ ਦਾ ਫੁਟਿਆ ਗੁੱਸਾ (ਤਸਵੀਰਾਂ)

06/29/2020 7:05:42 PM

ਨਵੀਂ ਦਿੱਲੀ— ਦੇਸ਼ ਭਰ 'ਚ ਅੱਜ ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸੜਕਾਂ 'ਤੇ ਬੈਲਗੱਡੀਆਂ, ਸਾਈਕਲਾਂ 'ਤੇ ਸਵਾਰ ਹੋ ਕੇ ਕਾਂਗਰਸ ਦੇ ਮੈਂਬਰ ਵਿਰੋਧ ਪ੍ਰਦਰਸ਼ਨ ਕੀਤਾ। ਹਰਿਆਣਾ, ਬਿਹਾਰ, ਅੰਮ੍ਰਿਤਸਰ ਅਤੇ ਦੇਸ਼ ਦੇ ਤਮਾਮ ਸੂਬਿਆਂ 'ਚ ਕਾਂਗਰਸ ਵਰਕਰਾਂ ਅਤੇ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਕੇ ਜਨਤਾ 'ਤੇ ਬੋਝ ਪਾਉਣ ਦਾ ਕੰਮ ਕੀਤਾ ਹੈ। ਦੇਸ਼ ਜਿੱਥੇ ਕੋਰੋਨਾ ਵਾਇਰਸ ਮਹਾਮਾਰੀ ਅਤੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੋਦੀ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਰ-ਵਾਰ ਵਾਧਾ ਕਰ ਕੇ ਮੁਨਾਫ਼ਾਖੋਰੀ ਦਾ ਕੰਮ ਕਰ ਰਹੀ ਹੈ।  


ਕਾਂਗਰਸ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਕਿਹਾ ਕਿ ਅਸੀਂ ਜਨਤਾ ਦੀ ਆਵਾਜ਼ ਚੁੱਕਾਂਗੇ ਅਤੇ ਤੁਹਾਡੇ ਲਈ ਲੜਾਂਗੇ। ਕੀਮਤਾਂ 'ਚ ਵਾਧੇ ਨਾਲ ਕਿਸਾਨਾਂ ਸਮੇਤ ਹਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਦੱਸ ਦੇਈਏ ਕਿ ਜਨਤਕ ਖੇਤਰ ਦੀ ਤੇਲ ਮਾਰਕੀਟਿੰਗ ਕੰਪਨੀਆਂ ਦੀ ਮੁੱਲ ਨੋਟੀਫਿਕੇਸ਼ਨ ਮੁਤਾਬਕ ਸੋਮਵਾਰ ਨੂੰ ਪੈਟਰੋਲ ਦੀਆਂ ਕੀਮਤਾਂ 5 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 'ਚ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। 


ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ਪੰਜ ਪੈਸੇ ਵੱਧ ਕੇ 80.43 ਰੁਪਏ ਪ੍ਰਤੀ ਲੀਟਰ ਹੋ ਗਈ, ਜੋ 27 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਡੀਜ਼ਲ ਦੀ ਕੀਮਤ ਵੀ 13 ਪੈਸੇ ਵਧ ਕੇ 80.53 ਰੁਪਏ ਪ੍ਰਤੀ ਲੀਟਰ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ।

Tanu

This news is Content Editor Tanu