ਪੇਗਾਸਸ ਜਾਸੂਸੀ ਵਿਵਾਦ: ਕਾਂਗਰਸ ਨੇ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

07/21/2021 11:25:07 AM

ਨਵੀਂ ਦਿੱਲੀ– ਕਾਂਗਰਸ ਨੇ ਪੇਗਾਸਸ ਜਾਸੂਸੀ ਵਿਵਾਦ ਨੂੰ ਲੈ ਕੇ ਸਰਕਾਰ ’ਤੇ ਹਮਲਾ ਤੇਜ਼ ਕਰ ਦਿੱਤਾ ਅਤੇ ਇਸ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੁੱਦੇ ’ਤੇ ਆਪਣੀ ਰਣਨੀਤੀ ਤੈਅ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸੰਸਦ ਦੇ ਦੋਵਾਂ ਹਾਊਸਾਂ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮੁਲਾਕਾਤ ਕੀਤੀ। ਇਨ੍ਹਾਂ ਵਿਚੋਂ ਕਈ ਆਗੂਆਂ ਨੇ ਇਸ ਮੁੱਦੇ ’ਤੇ ਚਰਚਾ ਦੀ ਮੰਗ ਕਰਦੇ ਹੋਏ ਕਿਹਾ ਕਿ ਅਸੀਂ ਦੋਵਾਂ ਹਾਊਸਾਂ ਵਿਚ ਕੰਮ ਰੋਕੂ ਮਤੇ ਦਾ ਨੋਟਿਸ ਵੀ ਦਿੱਤਾ ਸੀ। ਕਾਂਗਰਸ ਦੇ ਬੁਲਾਰੇ ਸ਼ਕਤੀ ਸਿੰਘ ਗੋਹਿਲ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਰੂਪ ਵਿਚ ਦੱਸਣਾ ਚਾਹੀਦਾ ਹੈ ਕਿ ਉਸ ਨੇ ਪੇਗਾਸਸ ਸਪਾਈਵੇਅਰ ਖਰੀਦਿਆ ਹੈ ਜਾਂ ਨਹੀਂ। ਇਸ ਸਬੰਧੀ ਸਾਂਝੀ ਸੰਸਦੀ ਕਮੇਟੀ ਕੋਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਕੋਰੋਨਾ ਮਹਾਮਾਰੀ ਨਾਲ ਨਜਿੱਠਣ ’ਚ ਨਾਕਾਮ ਰਹੇ ਮੋਦੀ, ਸਿਹਤ ਮੰਤਰੀ ਨੂੰ ਬਣਾ ਦਿੱਤਾ ਬਲੀ ਦਾ ਬੱਕਰਾ : ਖੜਗੇ
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕੋਰੋਨਾ ਮਹਾਮਾਰੀ ਕਾਰਨ ਦੇਸ਼ ਵਿਚ ਪੈਦਾ ਹਾਲਾਤ ’ਤੇ ਹਾਊਸ ਵਿਚ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਪੂਰਾ ਭਰੋਸਾ ਪ੍ਰਗਟਾਇਆ ਸੀ ਪਰ ਮੋਦੀ ਸਮੱਸਿਆ ਨੂੰ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ। ਉਨ੍ਹਾਂ ਇਸ ਦੀ ਜ਼ਿੰਮੇਵਾਰੀ ਖੁਦ ਲੈਣ ਦੀ ਬਜਾਏ ਕੇਂਦਰੀ ਸਿਹਤ ਮੰਤਰੀ ਨੂੰ ਬਲੀ ਦਾ ਬੱਕਰਾ ਬਣਾ ਦਿੱਤਾ। ਖੜਗੇ ਨੇ ਕਿਹਾ ਕਿ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਖੁਦ ਆਪਣੇ ਵੱਲੋਂ ਲਿਖੀਆਂ 3 ਚਿੱਠੀਆਂ ਪ੍ਰਧਾਨ ਮੰਤਰੀ ਨੂੰ ਸੌਂਪੀਆਂ ਸਨ। ਇਨ੍ਹਾਂ ਵਿਚ ਕਈ ਸੁਝਾਅ ਸਨ ਪਰ ਮੋਦੀ ਨੇ ਕਿਸੇ ਵੀ ਚਿੱਠੀ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਸਬੰਧੀ ਕੋਈ ਗੱਲ ਵੀ ਨਹੀਂ ਕੀਤੀ। ਅਜਿਹੀ ਹਾਲਤ ਵਿਚ ਦੇਸ਼ ਇਸ ਚੁਣੌਤੀ ਨਾਲ ਮਿਲ ਕੇ ਕਿਵੇਂ ਨਜਿੱਠੇਗਾ?

ਪੇਗਾਸਸ ਵਿਵਾਦ ਨਾਲ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ : ਪ੍ਰਹਿਲਾਦ ਜੋਸ਼ੀ
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੇਗਾਸਸ ਜਾਸੂਸੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਇਕ ਸਿਰਿਓਂ ਰੱਦ ਕਰਦੇ ਹੋਏ ਕਿਹਾ ਕਿ ਇਸ ਨਾਲ ਸਰਕਾਰ ਦਾ ਕੋਈ ਵੀ ਲੈਣਾ-ਦੇਣਾ ਨਹੀਂ ਹੈ। ਇਸ ਦੇ ਬਾਵਜੂਦ ਜੇ ਵਿਰੋਧੀ ਧਿਰ ਇਸ ਮੁੱਦੇ ਨੂੰ ਸੰਸਦ ਵਿਚ ਉਠਾਉਣਾ ਚਾਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਉਠਾਇਆ ਜਾ ਸਕਦਾ ਹੈ। ਇਸ ਪਿੱਛੇ ਸਰਕਾਰ ਦੀ ਕੋਈ ਵੀ ਭੂਮਿਕਾ ਨਹੀਂ ਹੈ। ਸੂਚਨਾ ਅਤੇ ਟੈਕਨਾਲੋਜੀ ਮੰਤਰੀ ਨੇ ਪਹਿਲਾਂ ਹੀ ਇਸ ਸਬੰਧੀ ਹਾਊਸ ਵਿਚ ਬਿਆਨ ਦਿੱਤਾ ਹੈ।

Rakesh

This news is Content Editor Rakesh