ਮੈਟਰੋ ਸਟੇਸ਼ਨ ਦੇ ਪਲੇਟਫਾਰਮ ਤੋਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ
Thursday, Aug 08, 2024 - 09:12 PM (IST)

ਨਵੀਂ ਦਿੱਲੀ : ਪੱਛਮੀ ਦਿੱਲੀ ਦੇ ਮਹਾਰਾਜਾ ਸੂਰਜਮਲ ਮੈਟਰੋ ਸਟੇਸ਼ਨ 'ਤੇ ਵੀਰਵਾਰ ਨੂੰ ਇਕ ਵਿਅਕਤੀ ਨੇ ਐਲੀਵੇਟਿਡ ਪਲੇਟਫਾਰਮ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਹਰੀਸ਼ (49) ਵਾਸੀ ਰੋਹਿਣੀ ਸੈਕਟਰ-7 ਵਜੋਂ ਹੋਈ ਹੈ। ਉਹ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਵਿਚ ਕੰਮ ਕਰਦਾ ਸੀ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਘਟਨਾ ਦੀ ਕਥਿਤ ਵੀਡੀਓ 'ਚ ਵਿਅਕਤੀ ਰੇਲਿੰਗ 'ਤੇ ਚੜ੍ਹ ਕੇ ਮੈਟਰੋ ਸਟੇਸ਼ਨ ਦੀ ਛੱਤ 'ਤੇ ਬੈਠਾ ਦਿਖਾਈ ਦੇ ਰਿਹਾ ਹੈ। ਕੁਝ ਸੁਰੱਖਿਆ ਕਰਮਚਾਰੀ ਵੀ ਉਸ ਦੀ ਸੁਰੱਖਿਆ ਲਈ ਕੰਬਲ ਫੜੇ ਨਜ਼ਰ ਆ ਰਹੇ ਹਨ। ਜਦੋਂ ਸੁਰੱਖਿਆ ਕਰਮਚਾਰੀਆਂ ਨੇ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਛਾਲ ਮਾਰ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਦੁਪਹਿਰ ਕਰੀਬ 1 ਵਜੇ ਸੂਚਨਾ ਮਿਲੀ ਕਿ ਮਹਾਰਾਜਾ ਸੂਰਜਮਲ ਮੈਟਰੋ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ਤੋਂ ਇਕ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਛਾਲ ਮਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਸ ਨੂੰ ਸੂਚਨਾ ਦਿੱਤੀ ਗਈ ਕਿ ਉਕਤ ਵਿਅਕਤੀ ਨੂੰ ਸੰਜੇ ਗਾਂਧੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਰੀਸ਼ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਬਾਰੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।