ਆਂਧਰਾ ਤੋਂ ਬਾਅਦ ਮਮਤਾ ਸਰਕਾਰ ਨੇ ਵੀ ਘਟਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Tuesday, Sep 11, 2018 - 07:37 PM (IST)

ਨੈਸ਼ਨਲ ਡੈਸਕ— ਪੈਟਰੋਲ-ਡੀਜ਼ਲ ਦੀ ਲਗਾਤਾਰ ਵੱਧ ਰਹੀ ਕੀਮਤ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉਥੇ ਹੀ ਇਸ ਵਿਚਾਲੇ ਪੱਛਮੀ ਬੰਗਾਲ ਸਰਕਾਰ ਨੇ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਕ ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ। ਘਟੀਆਂ ਹੋਈਆਂ ਦਰਾਂ ਮੰਗਲਵਾਰ ਅੱਧੀ ਰਾਤ ਤੋਂ ਪ੍ਰਭਾਵੀ ਹੋ ਜਾਣਗੀਆਂ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬਾ ਸਕੱਤਰ ਨਵਾਂਨਾ 'ਚ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਅਤੇ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ, ਜੋ ਕਈ ਹਫਤਿਆਂ ਤੋਂ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੀ ਮਾਰ ਝੇਲ ਰਹੇ ਸਨ। ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਤੋਂ ਬਾਅਦ ਪੱਛਮੀ ਬੰਗਾਲ ਅਜਿਹਾ ਤੀਜਾ ਸੂਬਾ ਬਣ ਗਿਆ ਹੈ, ਜਿਸ ਨੇ ਜਨਤਾ ਨੂੰ ਰਾਹਤ ਦੇਣ ਲਈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਕੀਤੀ ਹੈ। ਮਮਤਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਦੋਸ਼ ਪੂਰਣ ਵਿੱਤੀ ਨੀਤੀ ਕਾਰਨ ਹੀ ਆਮ ਜਨਤਾ ਨੂੰ ਹਰ ਖੇਤਰ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੱਤਾ 'ਚ ਆਉਣ ਦੇ ਸਮੇਂ ਖਜ਼ਾਨਾ ਖਾਲੀ ਮਿਲਿਆ ਸੀ ਅਤੇ ਧਨਰਾਸ਼ੀ ਦਾ ਸੰਕਟ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਆਮ ਜਨਤਾ ਨੂੰ ਰਾਹਤ ਦੇਣ ਲਈ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ 'ਚ ਕਮੀ ਕੀਤੀ ਹੈ।