ਸਾਨੂੰ ਵਿਸ਼ਵਾਸ ਹੈ ਕਿ ਕਿਸਾਨ ਚੀਜ਼ਾਂ ਨੂੰ ਸਮਝਣਗੇ ਤੇ ਪ੍ਰਦਰਸ਼ਨ ਵਾਪਸ ਲੈ ਲੈਣਗੇ: ਕੇਂਦਰੀ ਮੰਤਰੀ ਪੀਯੂਸ਼ ਗੋਇਲ
Saturday, Mar 09, 2024 - 08:48 AM (IST)
ਨਵੀਂ ਦਿੱਲੀ (ਭਾਸ਼ਾ): ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨ ਆਗੂ ਚੀਜ਼ਾਂ ਨੂੰ ਸਮਝਣਗੇ ਅਤੇ ਆਪਣਾ ਪ੍ਰਦਰਸ਼ਨ ਵਾਪਸ ਲੈ ਲੈਣਗੇ। ਖੁਰਾਕ ਮੰਤਰੀ ਗੋਇਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਕਿਸਾਨ ਜਥੇਬੰਦੀਆਂ ਨਾਲ ਚਾਰ ਦੌਰ ਦੀ ਗੱਲਬਾਤ ਕੀਤੀ ਹੈ। ਇਹ ਕਿਸਾਨ ਜਥੇਬੰਦੀਆਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਖਨੌਰੀ ਨੇੜਲੀ ਨਹਿਰ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, 2 ਭੈਣਾਂ ਦਾ ਇਕਲੌਤਾ ਭਰਾ ਸੀ ਵੰਸ਼, ਕਈ ਦਿਨ ਤੋਂ ਸੀ ਲਾਪਤਾ
ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾ ਕਿਸਾਨਾਂ ਦੇ ਹੱਕ ਵਿਚ ਹੈ ਅਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ, “ਕਿਰਪਾ ਕਰਕੇ ਕੁਝ ਲੋਕਾਂ ਦੇ ਝੂਠੇ ਪ੍ਰਚਾਰ ਤੋਂ ਗੁੰਮਰਾਹ ਨਾ ਹੋਵੋ। ਇਹ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਸੀਂ ਹਰ ਕਿਸਾਨ ਦੇ ਉੱਜਵਲ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।'' ਗੋਇਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਤੇ ਗ੍ਰਹਿ ਰਾਜ ਮੰਤਰੀ ਦੇ ਨਾਲ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਸੁਝਾਅ ਦਿੱਤਾ ਕਿ ਸਰਕਾਰ ਕਿਸ ਤਰ੍ਹਾਂ ਕਿਸਾਨ ਭਾਈਚਾਰੇ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿਚ ਮਦਦ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਸਕਦੇ ਹਨ। ਗੋਇਲ ਨੇ 'ਪੀਟੀਆਈ-ਭਾਸ਼ਾ' ਨਾਲ ਇੱਕ ਇੰਟਰਵਿਊ ਵਿੱਚ ਕਿਹਾ, "ਮੈਨੂੰ ਭਰੋਸਾ ਹੈ ਕਿ ਉਹ ਚੀਜ਼ਾਂ ਨੂੰ ਸਮਝਣਗੇ ਅਤੇ ਇਸ ਵਿਰੋਧ ਨੂੰ ਵਾਪਸ ਲੈ ਲੈਣਗੇ।"
ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੇ ਨਵੇਂ ਦੌਰ ਦਾ ਕੋਈ ਪ੍ਰੋਗਰਾਮ ਹੈ, ਤਾਂ ਉਨ੍ਹਾਂ ਕਿਹਾ ਕਿ " ਕਿਸੇ ਨਾਲ ਸੰਚਾਰ ਕਰਨਾ ਇਕ ਨਿਰੰਤਰ ਪ੍ਰਕਿਰਿਆ ਹੈ।" ਉਨ੍ਹਾਂ ਕਿਹਾ, ‘‘ਪ੍ਰਦਰਸ਼ਨ ਤੋਂ ਪਹਿਲਾਂ ਵੀ ਅਸੀਂ ਕਿਸਾਨ ਆਗੂਆਂ ਨਾਲ ਬਾਕਾਇਦਾ ਗੱਲਬਾਤ ਕਰਦੇ ਰਹੇ ਸੀ ਅਤੇ ਭਵਿੱਖ ਵਿਚ ਵੀ ਉਨ੍ਹਾਂ ਨਾਲ ਗੱਲਬਾਤ ਕਰਦੇ ਰਹਾਂਗੇ।’’ ਕਿਸਾਨਾਂ ਨਾਲ ਗੱਲਬਾਤ ਦੇ ਚੌਥੇ ਦੌਰ ਵਿੱਚ ਤਿੰਨ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨਾਲ ਸਮਝੌਤਾ ਹੋਣ ਤੋਂ ਬਾਅਦ ਪੰਜ ਸਾਲਾਂ ਲਈ ਸਰਕਾਰੀ ਏਜੰਸੀਆਂ ਦੁਆਰਾ ਘੱਟੋ-ਘੱਟ ਸਮਰਥਨ ਮੁੱਲ 'ਤੇ ਦਾਲਾਂ, ਮੱਕੀ ਅਤੇ ਕਪਾਹ ਦੀ ਖਰੀਦ ਕਰਨ ਦਾ ਪ੍ਰਸਤਾਵ ਰੱਖਿਆ ਸੀ। ਹਾਲਾਂਕਿ, ਕਿਸਾਨ ਆਗੂਆਂ ਨੇ ਕੇਂਦਰ ਦੇ ਪ੍ਰਸਤਾਵ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਸੀ ਕਿ ਇਹ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ। ਪੰਜਾਬ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਅੱਗੇ ਵਧਣ ਤੋਂ ਰੋਕ ਦਿੱਤਾ। ਉਦੋਂ ਤੋਂ ਕਈ ਪ੍ਰਦਰਸ਼ਨਕਾਰੀ ਕਿਸਾਨ 'ਦਿੱਲੀ ਚਲੋ' ਮਾਰਚ ਦੇ ਹਿੱਸੇ ਵਜੋਂ ਪੰਜਾਬ-ਹਰਿਆਣਾ ਸਰਹੱਦ 'ਤੇ ਡਟੇ ਹੋਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8