''ਕੋਰੋਨਾ ਵਾਂਗ Online ਲਾਓ ਕਲਾਸਾਂ...'', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ
Monday, May 11, 2026 - 10:32 PM (IST)
ਨਵੀਂ ਦਿੱਲੀ: ਈਰਾਨ ਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਦੇ ਗੰਭੀਰ ਆਰਥਿਕ ਪ੍ਰਭਾਵਾਂ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਸਾਰੇ ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਆਨਲਾਈਨ ਕਲਾਸਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਸਕੂਲ ਅਤੇ ਕਾਲਜ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕੋਵਿਡ-19 ਦੀ ਤਰਜ਼ 'ਤੇ ਆਨਲਾਈਨ ਪੜ੍ਹਾਈ ਦਾ ਮਾਡਲ ਅਪਣਾਉਣ।
ਵਡੋਦਰਾ 'ਚ ਸਰਦਾਰਧਾਮ ਹੋਸਟਲ ਕੰਪਲੈਕਸ ਦੇ ਉਦਘਾਟਨ ਅਤੇ ਹੈਦਰਾਬਾਦ ਵਿੱਚ ਇੱਕ ਰੈਲੀ ਦੌਰਾਨ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਦੇਸ਼ ਦੀ ਆਰਥਿਕ ਸਿਹਤ ਨੂੰ ਬਚਾਉਣ ਲਈ ਨਾਗਰਿਕਾਂ ਨੂੰ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਟਕਰਾਅ ਕਾਰਨ ਗਲੋਬਲ ਸਪਲਾਈ ਚੇਨ ਦਬਾਅ ਹੇਠ ਹੈ, ਜਿਸ ਕਾਰਨ ਭਾਰਤ ਨੂੰ ਆਪਣੇ ਵਿਦੇਸ਼ੀ ਮੁਦਰਾ ਭੰਡਾਰ (Foreign Exchange Reserves) ਨੂੰ ਬਚਾਉਣ ਦੀ ਲੋੜ ਹੈ।
ਆਮ ਲੋਕਾਂ ਲਈ ਵਿਸ਼ੇਸ਼ ਸਲਾਹ
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਈ ਕਿਫ਼ਾਇਤੀ ਉਪਾਅ ਅਪਣਾਉਣ ਲਈ ਪ੍ਰੇਰਿਤ ਕੀਤਾ ਹੈ।
ਖਰਚਿਆਂ ਵਿੱਚ ਕਟੌਤੀ: ਸੋਨੇ ਦੀ ਖਰੀਦ ਤੋਂ ਬਚਣ ਅਤੇ ਵਿਦੇਸ਼ੀ ਯਾਤਰਾਵਾਂ ਨੂੰ ਫਿਲਹਾਲ ਟਾਲਣ ਦੀ ਸਲਾਹ ਦਿੱਤੀ ਗਈ ਹੈ।
ਵਰਕ ਫਰਾਮ ਹੋਮ: ਕੰਪਨੀਆਂ ਨੂੰ ਦੁਬਾਰਾ 'ਵਰਕ-ਫਰਾਮ-ਹੋਮ' (WFH) ਅਤੇ ਵਰਚੁਅਲ ਮੀਟਿੰਗਾਂ ਦਾ ਰਸਤਾ ਅਪਣਾਉਣ ਲਈ ਕਿਹਾ ਗਿਆ ਹੈ।
ਤੇਲ ਦੀ ਬਚਤ: ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਲਈ ਮੈਟਰੋ ਰੇਲ, ਪਬਲਿਕ ਟ੍ਰਾਂਸਪੋਰਟ ਅਤੇ ਕਾਰ-ਪੂਲਿੰਗ ਦੀ ਵਰਤੋਂ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ 'ਤੇ ਵੀ ਜ਼ੋਰ ਦਿੱਤਾ ਗਿਆ ਹੈ।
ਸਿਹਤ ਤੇ ਆਰਥਿਕਤਾ: ਪੀਐੱਮ ਮੋਦੀ ਨੇ ਪਰਿਵਾਰਾਂ ਨੂੰ ਖਾਣ ਵਾਲੇ ਤੇਲ ਦੀ ਵਰਤੋਂ ਘਟਾਉਣ ਦੀ ਵੀ ਅਪੀਲ ਕੀਤੀ, ਜਿਸ ਨਾਲ ਦੇਸ਼ ਦੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਲੋਕਾਂ ਦੀ ਨਿੱਜੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।
ਕਿਉਂ ਪੈਦਾ ਹੋਏ ਅਜਿਹੇ ਹਾਲਾਤ?
ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਈਰਾਨ ਦੇ ਤਾਜ਼ਾ ਸ਼ਾਂਤੀ ਪ੍ਰਸਤਾਵਾਂ ਨੂੰ ਰੱਦ ਕਰਨ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 105 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਈਆਂ ਹਨ। ਇਸ ਨਾਲ ਵਿਸ਼ਵ ਭਰ ਵਿੱਚ ਮਹਿੰਗਾਈ ਅਤੇ ਊਰਜਾ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
