ਬਿਹਾਰ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ‘ਵੋਟ ਚੋਰੀ’ ’ਤੇ ਇਕ ਵੀ ਸ਼ਬਦ ਨਹੀਂ ਕਿਹਾ : ਰਾਹੁਲ
Saturday, Aug 23, 2025 - 12:14 AM (IST)

ਭਾਗਲਪੁਰ (ਬਿਹਾਰ), (ਭਾਸ਼ਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਗਯਾਜੀ ਦੌਰੇ ਦੌਰਾਨ ਚੋਣ ਕਮਿਸ਼ਨ ਦੀ ਵਰਤੋਂ ਕਰ ਕੇ ‘ਵੋਟ ਚੋਰੀ’ ਕਰਨ ਦੀ ਉਨ੍ਹਾਂ ਦੀ ਸਰਕਾਰ ਦੀ ਕਥਿਤ ਕੋਸ਼ਿਸ਼ ’ਤੇ ਇਕ ਸ਼ਬਦ ਵੀ ਨਹੀਂ ਕਿਹਾ।
ਕਾਂਗਰਸ ਦੀ ‘ਵੋਟਰ ਅਧਿਕਾਰ ਯਾਤਰਾ’ ਦੇ 6ਵੇਂ ਦਿਨ ਭਾਗਲਪੁਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਬਿਹਾਰ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ’ਤੇੇ ਹਮਲਾ ਬੋਲਿਆ।
ਰਾਹੁਲ ਗਾਂਧੀ ਨੇ ਕਿਹਾ ਕਿ ਐੱਸ. ਆਈ. ਆਰ. ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਅਤੇ ਚੋਣ ਕਮਿਸ਼ਨ ਵੱਲੋਂ ਤੁਹਾਡੀ ਵੋਟ ਚੋਰੀ ਕਰਨ ਦੀ ਕੋਸ਼ਿਸ਼ ਹੈ। ਉਹ ਤੁਹਾਡੇ ਵੋਟ ਪਾਉਣ ਦੇ ਅਧਿਕਾਰ ਨੂੰ ਖੋਹਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ‘ਵੋਟ ਚੋਰ’ ਗਯਾਜੀ ਆਏ ਪਰ ਉਨ੍ਹਾਂ ਨੇ ਚੋਣ ਕਮਿਸ਼ਨ ਦੀ ਮਦਦ ਨਾਲ ਆਪਣੀ ਸਰਕਾਰ ਵੱਲੋਂ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ’ਤੇ ਇਕ ਸ਼ਬਦ ਵੀ ਨਹੀਂ ਕਿਹਾ।
ਸਾਬਕਾ ਕਾਂਗਰਸ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਇਸ ਮੁੱਦੇ ’ਤੇ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਵੋਟ ਚੋਰੀ ਭਾਰਤ ਦੇ ਸੰਵਿਧਾਨ ’ਤੇ ਹਮਲਾ ਹੈ। ‘ਇੰਡੀਆ’ ਗੱਠਜੋੜ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਹਾਰ ਦੇ ਲੋਕਾਂ ਦੇ ਵੋਟ ਅਧਿਕਾਰਾਂ ਨੂੰ ਚੋਰੀ ਨਹੀਂ ਕਰਨ ਦੇਵੇਗਾ। ਰਾਹੁਲ ਨੇ ਦੋਸ਼ ਲਗਾਇਆ ਕਿ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐੱਨ. ਡੀ. ਏ.) ਸਰਕਾਰ ਵੱਲੋਂ ਚੁੱਕੇ ਗਏ ਸਾਰੇ ਕਦਮ ਗਰੀਬ ਵਿਰੋਧੀ ਹਨ ਅਤੇ ਇਸਨੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰੇ ਬਦਲ ਬੰਦ ਕਰ ਦਿੱਤੇ ਹਨ।