ਰੁਜ਼ਗਾਰ ਮੇਲਾ: PM ਮੋਦੀ ਨੇ 51 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Friday, Dec 01, 2023 - 11:07 AM (IST)

ਰੁਜ਼ਗਾਰ ਮੇਲਾ: PM ਮੋਦੀ ਨੇ 51 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੁਜ਼ਗਾਰ ਮੇਲੇ ਦੇ ਹਿੱਸੇ ਵਜੋਂ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਨੇ ਆਰਥਿਕਤਾ ਨੂੰ ਨਵੀਂ ਉਚਾਈ 'ਤੇ ਪਹੁੰਚਾਇਆ ਹੈ। ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਕਈ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਕੇਂਦਰ ਅਤੇ ਕੁਝ ਸੂਬਿਆਂ ਦੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨਵ-ਨਿਯੁਕਤ ਕਾਮਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਿੱਥੇ ਵੀ ਤਾਇਨਾਤ ਹਨ, ਉੱਥੇ ਭਲਾਈ ਸਕੀਮਾਂ ਸਭ ਤੋਂ ਵਾਂਝੇ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਇਸ ਰਾਹੀਂ ਹੀ ਭਾਰਤ ਨੂੰ 2047 ਤੱਕ ਵਿਕਸਿਤ ਦੇਸ਼ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵ-ਨਿਯੁਕਤ ਕਾਮਿਆਂ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਦਾਜੀਵਨ ਸੌਖਾਲਾ ਬਣਾਉਣਾ ਹੋਣੀ ਚਾਹੀਦੀ ਹੈ। ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਤੋਂ ਬਾਅਦ ਲੰਬੇ ਸਮੇਂ ਤੱਕ ਦੇਸ਼ 'ਚ ਬਰਾਬਰੀ ਦੇ ਸਿਧਾਂਤ ਦੀ ਅਣਦੇਖੀ ਕੀਤੀ ਗਈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2014 ਤੋਂ ਪਹਿਲਾਂ ਸਮਾਜ ਦਾ ਇਕ ਵੱਡਾ ਵਰਗ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਸੀ। 2014 'ਚ ਜਦੋਂ ਸਾਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਅਸੀਂ ਸਭ ਤੋਂ ਪਹਿਲਾਂ ਗਰੀਬਾਂ ਨੂੰ ਪਹਿਲ ਦੇਣ ਦੇ ਮੰਤਰ ਨਾਲ ਅੱਗੇ ਵਧਣ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੁਦ ਉਨ੍ਹਾਂ ਲੋਕਾਂ ਤੱਕ ਪਹੁੰਚ ਕੀਤੀ, ਜਿਨ੍ਹਾਂ ਨੂੰ ਕਦੇ ਵੀ ਸਕੀਮਾਂ ਦਾ ਲਾਭ ਨਹੀਂ ਮਿਲਿਆ। ਅਸੀਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਬਦਲਣ ਦੀ ਕੋਸ਼ਿਸ਼ ਕਰ ਰਹੇ ਹਾਂ, ਜਿਨ੍ਹਾਂ ਨੂੰ ਦਹਾਕਿਆਂ ਤੋਂ ਸਰਕਾਰ ਤੋਂ ਕੋਈ ਸਹੂਲਤ ਨਹੀਂ ਮਿਲੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਸੋਚ ਅਤੇ ਕਾਰਜ ਸੰਸਕ੍ਰਿਤੀ 'ਚ ਬਦਲਾਅ ਆਇਆ ਹੈ ਅਤੇ ਇਸ ਦੇ ਕਾਰਨ ਅੱਜ ਦੇਸ਼ 'ਚ ਬੇਮਿਸਾਲ ਨਤੀਜੇ ਦੇਖਣ ਨੂੰ ਮਿਲ ਰਹੇ ਹਨ। ਇਕ ਅਧਿਐਨ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 5 ਸਾਲਾਂ ਵਿਚ ਦੇਸ਼ ਦੇ 13 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆਏ ਹਨ ਅਤੇ ਇਹ ਦਰਸਾਉਂਦਾ ਹੈ ਕਿ ਗਰੀਬਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਨਾਲ ਕਿੰਨਾ ਫਰਕ ਪੈਂਦਾ ਹੈ।

ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਇੰਨੇ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਨਿਵੇਸ਼ ਕਰਦੀ ਹੈ ਤਾਂ ਇਹ ਬਹੁਤ ਸੁਭਾਵਿਕ ਹੈ ਕਿ ਇਸ ਕਾਰਨ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੁੰਦੇ ਹਨ। ਭਾਰਤ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਨੇ ਦੇਸ਼ ਦੀ ਆਰਥਿਕਤਾ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ। ਦੁਨੀਆ ਦੀਆਂ ਵੱਡੀਆਂ ਸੰਸਥਾਵਾਂ ਭਾਰਤ ਦੀ ਵਿਕਾਸ ਦਰ ਨੂੰ ਲੈ ਕੇ ਬਹੁਤ ਸਕਾਰਾਤਮਕ ਹਨ। 

ਦੇਸ਼ ਭਰ ਵਿਚੋਂ ਚੁਣੇ ਗਏ ਨਵੇਂ ਭਰਤੀ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮੰਤਰਾਲਿਆਂ ਅਤੇ ਵਿਭਾਗਾਂ ਵਿਚ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿਚ ਰੇਲਵੇ ਮੰਤਰਾਲਾ, ਡਾਕ ਵਿਭਾਗ, ਗ੍ਰਹਿ ਮੰਤਰਾਲਾ, ਮਾਲ ਵਿਭਾਗ, ਉੱਚ ਸਿੱਖਿਆ ਵਿਭਾਗ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਸ਼ਾਮਲ ਹਨ। ਨਵੇਂ ਨਿਯੁਕਤ ਕਾਮਿਆਂ ਨੂੰ ਕਰਮਯੋਗੀ ਪ੍ਰਰੰਭ ਵਲੋਂ ਸਿਖਲਾਈ ਵੀ ਦਿੱਤੀ ਜਾਵੇਗੀ। ਇਹ ਸਿਖਲਾਈ iGOT ਕਰਮਯੋਗੀ ਪੋਰਟਲ 'ਤੇ ਆਨਲਾਈਨ ਦਿੱਤੀ ਜਾਵੇਗੀ। ਇਸ ਪੋਰਟਲ 'ਤੇ ਅੱਠ ਸੌ ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਹਨ। 


author

Tanu

Content Editor

Related News