'ਦੇਸ਼ 'ਚ ਨਹੀਂ ਲੱਗੇਗਾ ਲੌਕਡਾਊਨ', PM ਮੋਦੀ ਦਾ ਮੁੱਖ ਮੰਤਰੀਆਂ ਨੂੰ ਸਪੱਸ਼ਟ ਸੰਦੇਸ਼
Friday, Mar 27, 2026 - 10:07 PM (IST)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਇੱਕ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ। ਇਸ ਬੈਠਕ ਦਾ ਮੁੱਖ ਮਕਸਦ ਪੱਛਮੀ ਏਸ਼ੀਆ ਵਿੱਚ ਪੈਦਾ ਹੋਏ ਤਾਜ਼ਾ ਹਾਲਾਤ ਅਤੇ ਭਾਰਤ 'ਤੇ ਇਸ ਦੇ ਸੰਭਾਵੀ ਪ੍ਰਭਾਵਾਂ ਦੀ ਸਮੀਖਿਆ ਕਰਨਾ ਸੀ। ਪ੍ਰਧਾਨ ਮੰਤਰੀ ਨੇ ਭਰੋਸਾ ਜਤਾਇਆ ਕਿ ਪੂਰਾ ਦੇਸ਼ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਦਿਆਂ ਇਸ ਸਥਿਤੀ 'ਤੇ ਸਫਲਤਾਪੂਰਵਕ ਕਾਬੂ ਪਾ ਲਵੇਗਾ।
ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਮੁੱਖ ਤਰਜੀਹਾਂ ਆਰਥਿਕ ਅਤੇ ਵਪਾਰਕ ਸਥਿਰਤਾ ਬਣਾਈ ਰੱਖਣਾ, ਊਰਜਾ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ 3 ਮਾਰਚ ਤੋਂ ਇੱਕ ਅੰਤਰ-ਮੰਤਰਾਲਾ ਸਮੂਹ ਰੋਜ਼ਾਨਾ ਅਧਾਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।
ਬੈਠਕ ਦੌਰਾਨ ਮੁੱਖ ਮੰਤਰੀਆਂ ਨੇ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ, ਸੂਬਿਆਂ ਲਈ ਵਪਾਰਕ ਐਲਪੀਜੀ (LPG) ਦੀ ਵੰਡ ਨੂੰ ਸੰਕਟ ਤੋਂ ਪਹਿਲਾਂ ਦੇ ਪੱਧਰ ਦੇ 50% ਤੋਂ ਵਧਾ ਕੇ 70% ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ ਗਿਆ। ਮੁੱਖ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਪੂਰੀ ਉਪਲਬਧਤਾ ਹੈ।
ਪ੍ਰਧਾਨ ਮੰਤਰੀ ਨੇ ਸੂਬਿਆਂ ਨੂੰ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬੇ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਸੁਚਾਰੂ ਰੱਖਣ ਅਤੇ ਜਮ੍ਹਾਖੋਰੀ ਤੇ ਮੁਨਾਫ਼ਾਖੋਰੀ ਵਿਰੁੱਧ ਸਖ਼ਤ ਕਾਰਵਾਈ ਕਰਨ। ਆਉਣ ਵਾਲੇ ਖ਼ਰੀਫ਼ ਸੀਜ਼ਨ ਲਈ ਖਾਦਾਂ ਦੀ ਸਟੋਰੇਜ ਅਤੇ ਵੰਡ ਦੀ ਅਗਾਊਂ ਯੋਜਨਾਬੰਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਦਿੱਕਤ ਨਾ ਆਵੇ। ਸਰਹੱਦੀ ਅਤੇ ਤੱਟਵਰਤੀ ਸੂਬਿਆਂ ਨੂੰ ਸ਼ਿਪਿੰਗ ਅਤੇ ਸਮੁੰਦਰੀ ਕਾਰਜਾਂ ਨਾਲ ਸਬੰਧਤ ਚੁਣੌਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਅਫਵਾਹਾਂ ਅਤੇ ਗਲਤ ਜਾਣਕਾਰੀ ਦੇ ਫੈਲਾਅ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਨਾਗਰਿਕਾਂ ਨੂੰ ਆਨਲਾਈਨ ਧੋਖਾਧੜੀ ਅਤੇ ਫਰਜ਼ੀ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਜਿਨ੍ਹਾਂ ਸੂਬਿਆਂ ਦੇ ਨਾਗਰਿਕ ਪੱਛਮੀ ਏਸ਼ੀਆ ਵਿੱਚ ਹਨ, ਉਨ੍ਹਾਂ ਨੂੰ ਹੈਲਪਲਾਈਨ ਨੰਬਰ ਜਾਰੀ ਕਰਨ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਤੁਰੰਤ ਰਾਹਤ ਦੇ ਨਾਲ-ਨਾਲ ਪੀਐਮ ਮੋਦੀ ਨੇ ਬਾਇਓਫਿਊਲ, ਸੌਰ ਊਰਜਾ, ਗੋਬਰਧਨ ਯੋਜਨਾ ਅਤੇ ਇਲੈਕਟ੍ਰਿਕ ਗੱਡੀਆਂ ਵਰਗੇ ਬਦਲਵੇਂ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਉਦਯੋਗਾਂ ਅਤੇ MSMEs ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਦੀ ਵੀ ਅਪੀਲ ਕੀਤੀ। ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੈਬਨਿਟ ਸਕੱਤਰ ਟੀ ਵੀ ਸੋਮਨਾਥਨ ਨੇ ਵੀ ਮੌਜੂਦਾ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
