ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਭਲਕੇ ਕਰਨਗੇ ਉੱਚ ਪੱਧਰੀ ਬੈਠਕ
Wednesday, Apr 07, 2021 - 06:38 PM (IST)
ਨਵੀਂ ਦਿੱਲੀ— ਮੋਦੀ ਸਰਕਾਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ਨਰਿੰਦਰ ਮੋਦੀ 8 ਅਪ੍ਰੈਲ ਨੂੰ ਵੀਡੀਓ ਕਾਨਫਰੈਂਸਿੰਗ ਜ਼ਰੀਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਉੱਚ ਪੱਧਰੀ ਕਮੇਟੀ (ਐੱਚ. ਐੱਲ. ਸੀ.) ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬੈਠਕ ’ਚ ਹਿੱਸਾ ਲੈਣਗੇ। ਬੈਠਕ ’ਚ ਇਸ ਖ਼ਾਸ ਮੌਕੇ ਨੂੰ ਮਨਾਉਣ ਲਈ ਸਾਲ ਭਰ ਦੇ ਕਲੰਡਰ ’ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ: ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧਮਧਾਨ ਸਾਹਿਬ ਹਰਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ
ਕੇਂਦਰ ਸਰਕਾਰ ਨੇ ਪਿਛਲੇ ਸਾਲ 24 ਅਕਤੂਬਰ ਨੂੰ ਐੱਚ. ਐੱਲ. ਸੀ. ਦਾ ਗਠਨ ਕੀਤਾ ਸੀ, ਤਾਂ ਕਿ ਉਹ ਆਯੋਜਨਾਂ ਦੀ ਨਿਗਰਾਨੀ ਦੇ ਨਾਲ-ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਦੀ ਯਾਦ ਨਾਲ ਸਬੰਧਤ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਮਨਜ਼ੂਰੀ ਦੇ ਸਕਣ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਸੀ। ਲੋਕ ਸਭਾ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰੱਖਿਆ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਮੰਤਰੀ, ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼ ਭਰ ਦੇ ਕਈ ਮਾਣਯੋਗ ਲੋਕ ਇਸ ਕਮੇਟੀ ਦੇ ਮੈਂਬਰ ਹਨ। ਇਹ ਕਮੇਟੀ ਦੇਸ਼ ਅਤੇ ਦੁਨੀਆ ’ਚ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਵਿਚਾਰਾਂ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਨੀਤੀ ਅਤੇ ਯੋਜਨਾ ਬਣਾਏਗੀ।
ਇਹ ਵੀ ਪੜ੍ਹੋ: ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਦਾ ਇਤਿਹਾਸ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਦਾ ਦੌਰਾ ਕਰਨ ਪੁੱਜੇ ਸਨ। ਪ੍ਰਧਾਨ ਮੰਤਰੀ ਗੁਰਦੁਆਰਾ ਸਾਹਿਬ ’ਚ ਗੁਰੂ ਦੇ ਚਰਨਾਂ ’ਚ ਨਤਮਸਤਕ ਹੋਣ ਗਏ ਸਨ। ਉਨ੍ਹਾਂ ਟਵੀਟ ਕਰ ਕੇ ਕਿਹਾ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ। ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ, ਮੈਂ ਮਹਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕਰਦਾ ਹਾਂ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਆਪਣਾ ਆਪ ਵਾਰ ਕੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।
ਇਹ ਵੀ ਪੜ੍ਹੋ: ਗੁਰਦੁਆਰਾ ਥੜਾ ਸਾਹਿਬ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ’ ਪਾਤਸ਼ਾਹੀ ਨੌਂਵੀ