PM ਮੋਦੀ ਤੇ ਰਾਹੁਲ ਗਾਂਧੀ ਦੇ ਭਾਸ਼ਣਾਂ 'ਤੇ ਚੋਣ ਕਮਿਸ਼ਨ ਨੇ ਕਾਂਗਰਸ-ਭਾਜਪਾ ਨੂੰ ਭੇਜਿਆ ਨੋਟਿਸ

Thursday, Apr 25, 2024 - 04:29 PM (IST)

PM ਮੋਦੀ ਤੇ ਰਾਹੁਲ ਗਾਂਧੀ ਦੇ ਭਾਸ਼ਣਾਂ 'ਤੇ ਚੋਣ ਕਮਿਸ਼ਨ ਨੇ ਕਾਂਗਰਸ-ਭਾਜਪਾ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਇਤਰਾਜ਼ ਉਠਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਨੋਟਿਸ ਲਿਆ ਹੈ। ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਭਾਜਪਾ ਅਤੇ ਕਾਂਗਰਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।

ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ਨੇ ਇਕ ਦੂਜੇ 'ਤੇ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ 'ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਦਾ ਦੋਸ਼ ਲਗਾਇਆ ਹੈ। ਦੋਵਾਂ ਧਿਰਾਂ ਨੂੰ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਦੋਵਾਂ ਪਾਰਟੀਆਂ ਦੇ ਪ੍ਰਧਾਨਾਂ ਤੋਂ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਤਹਿਤ ਜਵਾਬ ਮੰਗਿਆ ਹੈ। 

ਦੱਸ ਦਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀ.ਐੱਮ ਮੋਦੀ 'ਤੇ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਰਾਹੁਲ ਗਾਂਧੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਸੀ। ਕਮਿਸ਼ਨ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਖਾਸ ਕਰਕੇ ਸਟਾਰ ਪ੍ਰਚਾਰਕਾਂ ਦੇ ਵਿਵਹਾਰ ਦੀ ਪੂਰੀ ਜ਼ਿੰਮੇਵਾਰੀ ਲੈਣੀ ਪਵੇਗੀ। ਉੱਚ ਅਹੁਦਿਆਂ 'ਤੇ ਕਾਬਜ਼ ਨੇਤਾਵਾਂ ਦੇ ਭਾਸ਼ਣਾਂ ਦੇ ਹੋਰ ਵੀ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਕਮਿਸ਼ਨ ਦੇ ਨੋਟਿਸ 'ਤੇ ਕਾਂਗਰਸ ਦੀ ਪ੍ਰਤੀਕਿਰਿਆ

ਚੋਣ ਕਮਿਸ਼ਨ ਵੱਲੋਂ ਕਾਂਗਰਸ ਨੂੰ ਭੇਜੇ ਨੋਟਿਸ 'ਤੇ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤਰ੍ਹਾਂ ਭਾਜਪਾ ਧਰਮ ਦੀ ਵਰਤੋਂ ਕਰ ਰਹੀ ਹੈ ਜਾਂ ਇਸ ਦੀ ਦੁਰਵਰਤੋਂ ਕਰ ਰਹੀ ਹੈ, ਇਹ ਕਾਫ਼ੀ ਚਿੰਤਾਜਨਕ ਹੈ। ਅਸੀਂ ਇਸ ਨੋਟਿਸ ਦਾ ਜਵਾਬ ਦੇਵਾਂਗੇ।

ਚੋਣ ਕਮਿਸ਼ਨ ਨੇ ਕਿਉਂ ਭੇਜਿਆ ਨੋਟਿਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਅਪ੍ਰੈਲ ਨੂੰ ਰਾਜਸਥਾਨ ਦੇ ਬਾਂਸਵਾੜਾ ਰੈਲੀ 'ਚ ਕਿਹਾ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ 'ਚ ਆਈ ਤਾਂ ਲੋਕਾਂ ਦੀਆਂ ਜਾਇਦਾਦਾਂ ਖੋਹ ਕੇ ਉਨ੍ਹਾਂ 'ਚ ਜ਼ਿਆਦਾ ਬੱਚੇ ਅਤੇ ਘੁਸਪੈਠੀਆਂ ਨੂੰ ਵੰਡ ਦਿੱਤਾ ਜਾਵੇਗਾ। ਪੀ,ਐੱਮ. ਮੋਦੀ ਨੇ ਕਿਹਾ ਸੀ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਲਿਖਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ ਮਾਵਾਂ-ਭੈਣਾਂ ਦੇ ਸੋਨੇ ਦਾ ਹਿਸਾਬ ਲਵਾਂਗੇ, ਇਸ ਦੀ ਜਾਣਕਾਰੀ ਲਵਾਂਗੇ ਅਤੇ ਫਿਰ ਵੰਡਾਂਗੇ। ਪੀ.ਐੱਮ. ਮੋਦੀ ਦੀ ਇਸ ਟਿੱਪਣੀ ਨੂੰ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਸੀ।

ਇਸ ਦੇ ਨਾਲ ਹੀ ਭਾਜਪਾ ਨੇ ਰਾਹੁਲ ਗਾਂਧੀ ਦੇ ਖਿਲਾਫ ਚੋਣ ਕਮਿਸ਼ਨ 'ਚ ਉਨ੍ਹਾਂ ਦੀਆਂ ਰੈਲੀਆਂ 'ਚ ਭਾਸ਼ਾ ਅਤੇ ਸ਼ਬਦਾਂ ਦੀ ਵਰਤੋਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਰਾਹੁਲ ਗਾਂਧੀ ਨੇ ਭਾਸ਼ਾ ਦੇ ਆਧਾਰ 'ਤੇ ਤਾਮਿਲਨਾਡੂ 'ਚ ਲੋਕਾਂ 'ਚ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਆਪਣੇ ਭਾਸ਼ਣਾਂ 'ਚ ਭਾਸ਼ਾ ਦੇ ਆਧਾਰ 'ਤੇ ਉੱਤਰ ਅਤੇ ਦੱਖਣੀ ਭਾਰਤ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨੇ ਆਪਣੀ ਲਿਖਤੀ ਸ਼ਿਕਾਇਤ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।


author

Rakesh

Content Editor

Related News